ਤਰਨ ਤਾਰਨ: ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 89 ਹੋ ਗਈ ਹੈ। ਜਦਕਿ ਇਸ ਮਾਮਲੇ ਵਿੱਚ ਤੱਕ 25 ਵਿਅਕਤੀਆਂ ਦੀ ਗ੍ਰਿਫ਼ਤਾਰੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵੱਧ ਸਕਦੀ ਹੈ ਕਿਉਂਕਿ ਸਪੱਸ਼ਟ ਤੌਰ ‘ਤੇ ਕਈ ਇਲਾਕਿਆਂ ਵਿੱਚ ਜ਼ਹਿਰੀਲੀ ਸ਼ਰਾਬ ਵੇਚਣ ਵਾਲਿਆਂ ਦਾ ਨੈਟਵਰਕ ਫੈਲਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਇਸ ਮਾਮਲੇ ਵਿੱਚ ਹੋਰ ਗ੍ਰਿਫਤਾਰੀਆਂ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ।
11 ਅਧਿਕਾਰੀ ਮੁਅੱਤਲ
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਨਕਲੀ ਸ਼ਰਾਬ ਕਾਰਨ ਵਾਪਰੀ ਦੁਖਦਾਇਕ ਘਟਨਾ ’ਚ ਸ਼ਨੀਵਾਰ ਨੂੰ 7 ਆਬਕਾਰੀ ਤੇ ਕਰ ਅਧਿਕਾਰੀ ਤੇ ਇੰਸਪੈਕਟਰ ਅਤੇ ਪੰਜਾਬ ਪੁਲਿਸ ਦੇ 2 ਡੀ.ਐਸ.ਪੀਜ਼. ਅਤੇ ਚਾਰ ਐਸ.ਐਚ.ਓਜ਼. ਨੂੰ ਮੁਅੱਤਲ ਕਰਕੇ ਇਨ੍ਹਾਂ ਖ਼ਿਲਾਫ਼ ਜਾਂਚ ਦੇ ਹੁਕਮ ਦਿੱਤੇ ਹਨ।
ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ
ਮੁੱਖ ਮੰਤਰੀ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਬਹੁਤੇ ਤਰਨ ਤਾਰਨ ਨਾਲ ਸਬੰਧਤ ਹਨ ਜਿੱਥੇ 63 ਮੌਤਾਂ ਹੋਈਆਂ ਹਨ ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਮੌਤਾਂ ਹੋਈਆਂ ਹਨ।