ਤਰਨ ਤਾਰਨ : ਮੁਕਤਸਰ ਤੋਂ ਬਾਅਦ ਹੁਣ ਤਰਨ ਤਾਰਨ ਦੇ ਪਿੰਡ ਭੁੱਲਰ ਵਿੱਚ ਔਰਤ ਨਾਲ ਬੇਰਹਿਮੀ ਨਾਲ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਪੀੜਤ ਮਹਿਲਾ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਦੱਸਿਆ ਕਿ ਦੋਹਾਂ ਧਿਰਾਂ ਵਿੱਚ ਜ਼ਮੀਨ ਨੂੰ ਲੈ ਕੇ ਆਪਸੀ ਝਗੜਾ ਸੀ। ਇਸ ਦੇ ਚਲਦੇ ਪਿੰਡ ਦੇ ਹੀ ਇੱਕ ਵਿਅਕਤੀ ਜਰਨੈਲ ਸਿੰਘ ਅਤੇ ਉਸ ਦੇ ਸਾਥੀਆਂ ਉੱਤੇ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾਇਆ ਹੈ। ਪੀੜਤਾ ਨੇ ਕਿਹਾ ਕਿ ਹਲਕਾ ਵਿਧਾਇਕ ਦੇ ਪੀ.ਏ ਦੀ ਸ਼ਹਿ ਤੇ ਜਰਨੈਲ ਸਿੰਘ ਅਤੇ ਉਸ ਦੇ ਸਾਥੀਆਂ ਨੇ ਮਹਿਲਾ ਅਤੇ ਉਸ ਪਰਿਵਾਰਕ ਮੈਂਬਰਾਂ ਨਾਲ ਕੁੱਟਮਾਰ ਕੀਤੀ। ਜਿਸ ਕਾਰਨ ਉਹ ਅਤੇ ਉਸ ਦੇ ਬੱਚੇ ਨੂੰ ਜ਼ੇਰੇ ਇਲਾਜ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੀੜਤਾ ਨੇ ਦੱਸਿਆ ਕਿ ਉਸ ਨੂੰ ਅਗਵਾ ਕਰਕੇ ਸਾਰੇ ਪਿੰਡ ਵਿੱਚ ਘੁਮਾਇਆ ਗਿਆ ਅਤੇ ਸਰੇਆਮ ਉਸ ਨਾਲ ਕੁੱਟਮਾਰ ਕੀਤੀ ਗਈ। ਪੀੜਤਾ ਨੇ ਦੂਜੇ ਧਿਰ ਦੇ ਲੋਕਾਂ ਉੱਤੇ ਅਸ਼ਲੀਲ ਹਰਕਤਾਂ ਕੀਤੇ ਜਾਣ ਦਾ ਵੀ ਦੋਸ਼ ਲਗਾਇਆ ਹੈ।
ਉਥੇ ਹੀ ਦੂਜੇ ਧਿਰ ਦਾ ਵਿਅਕਤੀ ਜਰਨੈਲ ਸਿੰਘ ਵੀ ਆਪਣੇ ਸਾਥੀਆਂ ਸਣੇ ਹਸਪਤਾਲ ਵਿੱਚ ਜ਼ੇਰੇ ਇਲਾਜ ਦਾਖਲ ਹੈ। ਜਰਨੈਲ ਸਿੰਘ ਨੇ ਪੀੜਤ ਮਹਿਲਾ ਵੱਲੋਂ ਝੂਠ ਬੋਲਣ ਦੀ ਗੱਲ ਕਹੀ ਹੈ।
ਇਸ ਮਾਮਲੇ ਦੀ ਜਾਂਚ ਕਰ ਰਹੇ ਪੁਲਿਸ ਅਧਿਕਾਰੀ ਸਰਬਜੀਤ ਸਿੰਘ ਨੇ ਕਿਹਾ ਕਿ ਦੋਵੇਂ ਧਿਰ ਲਗਾਤਾਰ ਇੱਕ ਦੂਜੇ ਉੱਤੇ ਝੂਠ ਬੋਲਣ ਅਤੇ ਕੁੱਟਮਾਰ ਕੀਤੇ ਜਾਣ ਦਾ ਦੋਸ਼ ਲਗਾ ਰਹੇ ਹਨ। ਫਿਲਹਾਲ ਇਸ ਮਾਮਲੇ ਦੀ ਜਾਂਚ ਜਾਰੀ ਹੈ। ਉਨ੍ਹਾਂ ਜਾਂਚ ਦੌਰਾਨ ਦੋਸ਼ੀ ਪਾਏ ਜਾਣ ਵਾਲੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਕੀਤੇ ਜਾਣ ਦੀ ਗੱਲ ਆਖੀ ਹੈ।