ਤਰਨ ਤਾਰਨ: ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਪੈਸ਼ਲ ਟਾਸਕ ਫ਼ੋਰਸ (ਐਸਟੀਐਫ਼) ਦੀ ਏਡੀਜੀਪੀ ਗੁਰਪ੍ਰੀਤ ਕੌਰ ਦਿਉ ਨੇ ਤਰਨ ਤਾਰਨ ਵਿਖੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਦੌਰਾਨ ਐਸਐਸਪੀ ਤਰਨ ਤਾਰਨ ਤੋਂ ਇਲਾਵਾ ਹਲਕੇ ਦੇ ਹੋਰ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ।
ਏਡੀਜੀਪੀ ਦਿਉ ਨੇ ਸਮੂਹ ਪੁਲਿਸ ਅਧਿਕਾਰੀਆਂ ਨੂੰ ਨਸ਼ਿਆਂ ਦੇ ਵਪਾਰੀਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਕਿਹਾ ਕਿ ਨਸ਼ਾ ਤਸਕਰਾਂ ਨੂੰ ਕਿਸੇ ਵੀ ਤਰ੍ਹਾਂ ਬਖ਼ਸ਼ਿਆ ਨਾ ਜਾਵੇ। ਉਨ੍ਹਾਂ ਕਿਹਾ ਕਿ ਜੋ ਨੌਜਵਾਨ ਨਸ਼ੇ ਦੇ ਆਦੀ ਹੋ ਚੁੱਕੇ ਹਨ ਉਨ੍ਹਾਂ 'ਤੇ ਮਾਮਲੇ ਦਰਜ ਕਰਨ ਦੀ ਥਾਂ ਉਨ੍ਹਾਂ ਨੂੰ ਨਸ਼ਾ ਛੁਡਾਊ ਕੇਂਦਰਾਂ ਵਿੱਚ ਭਰਤੀ ਕਰਵਾ ਕੇ ਉਨ੍ਹਾਂ ਦਾ ਇਲਾਜ ਕਰਵਾਇਆ ਜਾਵੇ।
ਉਨ੍ਹਾਂ ਸਮੂਹ ਪੁਲਿਸ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਉਹ ਨਸ਼ੇ ਦੇ ਵੱਡੇ ਵਪਾਰੀਆਂ ਨੂੰ ਛੇਤੀ ਤੋਂ ਛੇਤੀ ਕਾਬੂ ਕਰਨ ਤਾਂ ਜੋਂ ਪੰਜਾਬ ਵਿੱਚੋਂ ਨਸ਼ੇ ਦਾ ਖ਼ਾਤਮਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਜਾਣਕਾਰੀ ਦਿੱਤੀ ਕਿ ਪੰਜਾਬ ਪੁਲਿਸ ਵੱਲੋਂ ਪਿਛਲੇ 2 ਸਾਲਾਂ ਵਿੱਚ ਨਸ਼ੇ ਦੇ ਵੱਡੇ ਸਮਗਲਰਾਂ ਦੀਆਂ 20 ਕਰੋੜ ਰੁਪਏ ਦੀ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ।