ਤਰਨਤਾਰਨ: ਪੰਜਾਬ ਵਿਚ ਕੋਰੋਨਾ ਵਾਇਰਸ ਦੇ ਵੱਧਦੇ ਪ੍ਰਕੋਪ ਨੂੰ ਰੋਕਣ ਲਈ ਲਗਾਤਾਰ ਪੰਜਾਬ ਸਰਕਾਰ ਯਤਨਸ਼ੀਲ ਹੈ।ਇਸੇ ਲੜੀ ਤਹਿਤ ਤਰਨਤਾਰਨ ਦੇ ਸਿਵਲ ਹਸਪਤਾਲ ਵਿਚ ਆਕਸੀਜਨ ਪਲਾਂਟ ਲਗਾਉਣ ਲਈ ਸਾਂਸਦ ਜਸਬੀਰ ਸਿੰਘ ਗਿੱਲ (ਡਿੰਪਾ) ਵੱਲੋਂ 50 ਲੱਖ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਜਾਵੇਗੀ।ਇਸ ਰਾਸ਼ੀ ਐਮ ਪੀ ਫ਼ੰਡ ਵਿਚੋਂ ਦਿੱਤੀ ਜਾਵੇਗੀ।ਇਹ ਜਾਣਕਾਰੀ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸਾਂਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਚ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ ਸੀ। ਜਿਸ ਦੌਰਾਨ ਇਹ ਜਾਣਕਾਰੀ ਦਿੱਤੀ ਗਈ ਹੈ।
ਇਸ ਮੌਕੇ ਹਲਕਾ ਵਿਧਾਇਕ ਡਾ.ਧਰਮਬੀਰ ਅਗਨੀਹੋਤਰੀ, ਡਿਪਟੀ ਕਮਿਸ਼ਨਰ ਕੁਲਵੰਤ ਸਿੰਘ, ਸਿਵਲ ਸਰਜਨ ਡਾ.ਰੋਹਿਤ ਮਹਿਤਾ, ਡੀ. ਐੱਮ. ਸੀ. ਡਾ. ਭਾਰਤੀ ਧਵਨ ਅਤੇ ਉੱਪ ਅਰਥ ਤੇ ਅੰਕੜਾ ਸਲਾਹਕਾਰ ਡਾ. ਅਮਨਦੀਪ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਸੰਸਦ ਮੈਂਬਰ ਜਸਬੀਰ ਸਿੰਘ ਗਿੱਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਮਹਾਂਮਾਰੀ ਕੋਵਿਡ-19 ਨਾਲ ਨਜਿੱਠਣ ਲਈ ਲੋੜੀਂਦੇ ਕਦਮ ਚੁੱਕੇ ਗਏ ਹਨ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਵੱਧ ਤੋਂ ਵੱਧ ਸਹਿਯੋਗ ਕਰਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਤੇ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਕੋਰੋਨਾ ਵਾਇਰਸ ਦੇ ਫੈਲਾਅ ਨੂੰ ਰੋਕਣ ਵਿੱਚ ਆਪਣਾ ਯੋਗਦਾਨ ਪਾਉਣ।
ਆਕਸੀਜਨ ਪਲਾਂਟ ਲਗਾਉਣ ਲਈ 50 ਲੱਖ ਦੀ ਰਾਸ਼ੀ
ਇਸ ਮੌਕੇ ਡੀਸੀ ਨੇ ਦੱਸਿਆ ਹੈ ਕਿ ਸਿਵਲ ਹਸਪਤਾਲ ਵਿਖੇ ਆਕਸੀਜਨ ਪਲਾਂਟ ਲਗਾਉਣ ਲਈ 50 ਲੱਖ ਰੁਪਏ ਦੀ ਰਾਸ਼ੀ ਐੱਮ. ਪੀ. ਲੈਡ ਫ਼ੰਡ ਵਿੱਚੋਂ ਸੈਕਸ਼ਨ ਕੀਤੀ ਗਈ ਹੈ।ਜਿਸ ਨਾਲ ਆਕਸੀਜਨ ਪੀ. ਐੱਸ. ਏ. 500 ਪਲਾਂਟ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਪਲਾਂਟ ਆਉਣ ਵਾਲੇ 2 ਮਹੀਨਿਆਂ ਵਿੱਚ ਬਣ ਕੇ ਤਿਆਰ ਹੋ ਜਾਵੇਗਾ।ਉਨ੍ਹਾਂ ਦੱਸਿਆ ਕਿ ਇਸ ਆਕਸੀਜਨ ਪਲਾਂਟ ਦੀ 24 ਘੰਟਿਆਂ ਵਿੱਚ ਲੱਗਭੱਗ 500 ਸਿਲੰਡਰ ਆਕਸੀਜਨ ਪੈਦਾ ਕਰਨ ਦੀ ਸਮਰੱਥਾ ਹੋਵੇਗੀ।
ਕੋਰੋਨਾ ਦਾ ਕਹਿਰ ਜਾਰੀ
ਪੰਜਾਬ ਭਰ ਵਿਚ ਕੋਰੋਨਾ ਵਾਇਰਸ ਦਾ ਕਹਿਰ ਲਗਾਤਾਰ ਜਾਰੀ ਹੈ। ਸਿਹਤ ਵਿਭਾਗ ਵੱਲੋਂ ਲਗਾਤਾਰ ਕੋਰੋਨਾ ਟੈੱਸਟਿੰਗ ਕੀਤੀ ਜਾ ਰਹੀ ਹੈ।ਇਸ ਤੋਂ ਇਲਾਵਾ ਵੈਕਸੀਨ ਨੂੰ ਲੈ ਕੇ ਸਿਹਤ ਵਿਭਾਗ ਦੀਆਂ ਟੀਮਾਂ ਐਕਟਿਵ ਹਨ।ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਘਰੋ ਤੋਂ ਬਾਹਰ ਨਿਕਲਣ ਸਮੇਂ ਹਮੇਸ਼ਾ ਮਾਸਕ ਪਹਿਣ ਕੇ ਹੀ ਨਿਕਲੋ। ਸਿਹਤ ਵਿਭਾਗ ਨੇ ਭੀੜ ਵਾਲੀਆਂ ਥਾਵਾਂ ਉੱਤੇ ਜਾਣ ਤੋਂ ਲੋਕਾਂ ਨੂੰ ਗੁਰੇਜ਼ ਕਰਨ ਦੀ ਹਦਾਇਤ ਦਿੱਤੀ ਗਈ ਹੈ।