ਤਰਨ ਤਾਰਨ: ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਚੋਣ ਪ੍ਰਚਾਰ ਨੂੰ ਲੈ ਕੇ ਵੱਖ-ਵੱਖ ਥਾਵਾਂ 'ਤੇ ਰੈਲੀਆਂ ਸ਼ੁਰੂ ਕਰ ਦਿੱਤੀਆਂ ਹਨ। ਇਸ ਦੇ ਚੱਲਦਿਆਂ ਪਾਰਟੀ ਦੇ ਐੱਸਸੀ ਵਿੰਗ ਵੱਲੋਂ ਗੋਇੰਦਵਾਲ ਸਾਹਿਬ ਵਿਖੇ ਚੋਣ ਰੈਲੀ ਕੀਤੀ ਗਈ। ਇਸ ਦੌਰਾਨ ਬੀਬੀ ਜਗੀਰ ਕੌਰ ਨੇ ਕਾਂਗਰਸ 'ਤੇ ਨਿਸ਼ਾਨਾ ਵਿੰਨ੍ਹਦਿਆਂ ਕਿਹਾ ਕਿ ਕਾਂਗਰਸ ਨੇ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਹਥਿਆਈ ਸੀ ਪਰ ਪੰਜਾਬ ਦੇ ਲੋਕ ਹੁਣ ਸੱਚਾਈ ਜਾਣ ਚੁੱਕੇ ਹਨ ਤੇ ਹੁਣ ਲੋਕ ਲਾਰਿਆਂ ਵਿੱਚ ਨਹੀਂ ਆਉਣਗੇ।
ਜਗੀਰ ਕੌਰ ਨੇ ਮੋਦੀ ਸਰਕਾਰ ਦੇ ਬਾਰੇ ਬੋਲਦਿਆਂ ਕਿਹਾ ਕਿ ਮੋਦੀ ਸਰਕਾਰ ਮੁੜ ਵੱਡੀ ਜਿੱਤ ਹਾਸਲ ਕਰੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਰਜ਼ਾ ਮਾਫੀ 'ਤੇ ਤੰਜ ਕਸਦਿਆਂ ਕਿਹਾ ਕਿ ਲੋਕਾਂ ਦਾ ਕਰਜ਼ਾ ਤਾਂ ਕੈਪਟਨ ਨੇ ਕੀ ਮਾਫ਼ ਕਰਨਾ ਸੀ, ਬੀਬੀ ਰਾਜਿੰਦਰ ਕੌਰ ਭੱਠਲ ਦਾ 85 ਲੱਖ ਰੁਪਏ ਦਾ ਕਰਜ਼ਾ ਜ਼ਰੂਰ ਮਾਫ਼ ਕੀਤਾ ਹੈ।
ਇਸ ਤੋਂ ਇਲਾਵਾ ਐੱਸਸੀ ਵਿੰਗ ਦੇ ਪ੍ਰਧਾਨ ਗੁਲਜਾਰ ਸਿੰਘ ਰਣੀਕੇ ਨੇ ਕਿਹਾ ਕਿ ਕਾਂਗਰਸ ਦੀ ਮਾਰੂ ਨੀਤੀਆਂ ਤੋਂ ਜਨਤਾ ਪੂਰੀ ਤਰ੍ਹਾਂ ਦੁਖੀ ਹੋ ਚੁੱਕੀ ਹੈ ਤੇ ਪੰਜਾਬ ਵਿੱਚ 13 ਦੀਆਂ 13 ਸੀਟਾਂ ਤੇ ਅਕਾਲੀ-ਭਾਜਪਾ ਗੱਠਜੋੜ ਦੇ ਉਮੀਦਵਾਰ ਜਿੱਤ ਪ੍ਰਾਪਤ ਕਰਨਗੇ।