ਤਰਨ ਤਾਰਨ: ਹਰਿਆਣਾ ਵਿਖੇ ਖੇਤੀ ਕਾਨੂੰਨ ਦਾ ਵਿਰੋਧ ਕਰ ਰਹੇ ਕਿਸਾਨਾਂ ਉੱਤੇ ਲਾਠੀਚਾਰਜ ਹੋਣ ਦੇ ਵਿਰੋਧ ਵਿੱਚ ਬੀਤੇ ਦਿਨੀਂ ਖੱਬੇਪੱਖੀਆਂ ਨੇ ਜਮਹੂਰੀ ਕਿਸਾਨ ਸਭਾ ਦੀ ਅਗਵਾਈ ਹੇਠ ਤਰਨ ਤਾਰਨ ਕਪੂਰਥਲਾ ਸੜਕ ਉੱਤੇ ਪਿੰਡ ਫਤਿਆਬਾਦ ਵਿਖੇ ਬੈਠ ਕੇ ਦੋ ਘੰਟੇ ਤੱਕ ਆਵਾਜਾਈ ਨੂੰ ਠੱਪ ਕੀਤਾ। ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ।
ਜਮੂਹਰੀ ਕਿਸਾਨ ਸਭਾ ਦੇ ਆਗੂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਹਰਿਆਣਾ ਵਿੱਚ ਕੇਂਦਰ ਦੀ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਦਾ ਵਿਰੋਧ ਕੀਤਾ ਜਾ ਰਿਹਾ ਹੈ। ਇਸ ਤਹਿਤ ਕਿਸਾਨ ਮਜ਼ਦੂਰ ਤੇ ਕਿਸਾਨ ਜਥੇਬੰਦੀਆਂ ਵੱਲੋਂ ਵੱਖ-ਵੱਖ ਥਾਵਾਂ ਉੱਤੇ ਧਰਨੇ ਦਿੱਤੇ ਜਾ ਰਹੇ ਹਨ ਤੇ ਰੇਲੇ ਰੋਕੋ ਅੰਦੋਲਣ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ ਹਰਿਆਣਾ ਵਿੱਚ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਉੱਤੇ ਮਨੋਹਰ ਲਾਲ ਖੱਟਰ ਦੀ ਸਰਕਾਰ ਨੇ ਲਾਠੀਚਾਰਜ ਕੀਤਾ ਸੀ ਜਿਸ ਦੇ ਵਿਰੋਧ ਵਿੱਚ ਸੜਕੀ ਆਵਜਾਈ ਨੂੰ ਦੋ ਘੰਟਿਆਂ ਲਈ ਠੱਪ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸਮੁੱਚੀ ਕਿਸਾਨ ਜਥੇਬੰਦੀ ਦੀ ਇਕੋ ਹੀ ਮੰਗ ਹੈ ਕਿ ਜਿਹੜੇ ਆਰਡੀਨੈਂਸਾਂ ਨੂੰ ਕਾਨੂੰਨ ਵਿੱਚ ਤਬਦੀਲ ਕੀਤਾ ਗਿਆ ਹੈ ਉਸ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਸ਼ੰਘਰਸ਼ ਜਾਰੀ ਰਹੇਗਾ।