ਖਡੂਰ ਸਾਹਿਬ: ਖੇਤੀ ਆਰਡੀਨੈਂਸਾਂ ਦਾ ਵਿਰੋਧ ਸਮੁੱਚੇ ਪੰਜਾਬ ਵਿੱਚ ਹੋ ਰਿਹਾ ਹੈ। ਥਾਂ-ਥਾਂ ਕਿਸਾਨ ਜਥੇਬੰਦੀਆਂ ਅਤੇ ਸਿਆਸੀ ਪਾਰਟੀਆਂ ਇਨ੍ਹਾਂ ਦਾ ਵਿਰੋਧ ਕਰ ਰਹੀਆਂ ਹਨ। ਇਸੇ ਤਹਿਤ ਹੀ ਖਡੂਰ ਸਾਹਿਬ ਵਿੱਚ ਵੀ ਕਾਂਗਰਸ ਪਾਰਟੀ ਨੇ ਖੇਤੀ ਆਰਡੀਨੈਂਸਾਂ ਦੇ ਮੁੱਦੇ 'ਤੇ ਕੇਂਦਰ ਦੀ ਭਾਜਪਾ ਸਰਕਾਰ ਦਾ ਪੁਤਲਾ ਫੂਕਿਆ ਹੈ।
ਇਸ ਮੌਕੇ ਜਨ ਕਲਿਆਣ ਅਤੇ ਪ੍ਰਚਾਰ ਸੈੱਲ ਦੇ ਮਾਝਾ ਜ਼ੋਨ ਦੇ ਚੇਅਰਮੈਨ ਕੁਲਵੰਤ ਸਿੰਘ ਭੈਲ ਨੇ ਕਿਹਾ ਕਿ ਖੇਤੀ ਆਰਡੀਨੈਂਸ ਕਿਸਾਨ ਵਿਰੋਧੀ ਹਨ ਅਤੇ ਜੇਕਰ ਇਹ ਬਿੱਲ ਪਾਸ ਹੋ ਜਾਂਦਾ ਹੈ ਤਾਂ ਕਿਸਾਨਾਂ ਦੀਆਂ ਜ਼ਮੀਨਾਂ ਕਾਰਪੋਰੇਟ ਕੰਪਨੀਆਂ ਦੇ ਹਵਾਲੇ ਕਰਕੇ ਉਨ੍ਹਾਂ ਦੀ ਲੁੱਟ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਜੋ ਹਮੇਸ਼ਾ ਆਪਣੇ ਆਪ ਨੂੰ ਕਿਸਾਨ ਹਿਤੈਸ਼ੀ ਅਖਵਾਉਂਦਾ ਹੈ। ਉਸ ਵੱਲੋਂ ਵੀ ਇਨ੍ਹਾਂ ਆਰਡੀਨੈੱਸ ਦੀ ਹਮਾਇਤ ਕੀਤੀ ਜਾ ਰਹੀ ਹੈ ਜਿਸ ਦਾ ਕਾਂਗਰਸ ਪਾਰਟੀ ਵਿਰੋਧ ਕਰਦੀ ਹੈ ਅਤੇ ਉਹ ਹਰ ਤਰੀਕੇ ਨਾਲ ਕਿਸਾਨਾਂ ਦੇ ਨਾਲ ਹਨ ਅਤੇ ਉਹ ਕਿਸਾਨਾਂ ਨਾਲ ਮਿਲ ਕੇ ਇਹ ਆਰਡੀਨੈਂਸ ਨੂੰ ਰੱਦ ਕਰਵਾਉਣਗੇ।