ਤਰਨਤਾਰਨ: ਵੈਰੋਵਾਲ ਅਧੀਨ ਪੈਂਦੇ ਪਿੰਡ ਉੱਪਲ ਵਿਖੇ ਸੱਤਾ ਦੇ ਨਸ਼ੇ ਵਿੱਚ ਚੂਰ ਪਿੰਡ ਦੇ ਕਾਂਗਰਸੀ ਸਰਪੰਚ ਗੁਰਪ੍ਰੀਤ ਸਿੰਘ ਜੈਕੀ ਵੱਲੋਂ ਬਜ਼ੁਰਗ ਮਹਿਲਾ ਦੀ ਕਥਿਤ ਤੌਰ 'ਤੇ ਕੁੱਟਮਾਰ ਕੀਤੀ ਗਈ। ਜ਼ਖ਼ਮੀ ਹਾਲਤ ਵਿੱਚ ਮਹਿਲਾ ਨੂੰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ। ਕੁੱਟਮਾਰ ਦੀ ਸ਼ਿਕਾਰ ਮਹਿਲਾ ਅਤੇ ਉਸ ਦੇ ਪਰਿਵਾਰਕ ਮੈਂਬਰਾਂ ਨੇ ਪਿੰਡ ਦੇ ਸਰਪੰਚ 'ਤੇ ਕੁੱਟਮਾਰ ਕਰਨ ਦਾ ਇਲਜ਼ਾਮ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਵੱਲੋਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਸਿਆਸੀ ਸ਼ਹਿ ਦੇ ਚਲਦਿਆਂ ਪੁਲਿਸ ਵੱਲੋਂ ਹੁਣ ਤੱਕ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਪੀੜਤ ਪਰਿਵਾਰ ਨੇ ਪ੍ਰਸ਼ਾਸਨ ਤੋਂ ਇਨਸਾਫ਼ ਦੀ ਗੁਹਾਰ ਲਗਾਈ ਹੈ।
ਉਧਰ, ਕੁੱਟਮਾਰ ਦੇ ਆਰੋਪਾਂ ਨੂੰ ਸਰਪੰਚ ਨੇ ਸਿਰੇ ਤੋਂ ਖ਼ਾਰਿਜ ਕਰ ਦਿੱਤਾ ਤੇ ਕਿਹਾ ਕਿ ਆਰੋਪ ਬੇਬੁਨਿਆਦ ਹਨ। ਸਪਰੰਚ ਨੇ ਕਿਹਾ ਕਿ ਉਸ ਨੂੰ ਜਾਣ ਬੁੱਝ ਕੇ ਬਦਨਾਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਉਹ ਹਰ ਤਰ੍ਹਾਂ ਦੀ ਜਾਂਚ ਦਾ ਸਾਹਮਣਾ ਕਰਨ ਲਈ ਤਿਆਰ ਹਨ।
ਸਬੰਧਤ ਡੀ.ਐੱਸ.ਪੀ. (ਸਿਟੀ) ਕਮਲਜੀਤ ਸਿੰਘ ਔਲਖ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਅਤੇ ਉਨ੍ਹਾਂ ਵੱਲੋਂ ਸਬੰਧਤ ਥਾਣੇ ਦੇ ਐੱਸ.ਐੱਚ.ਓ. ਨੂੰ ਪਹਿਲ ਦੇ ਆਧਾਰ 'ਤੇ ਉਕਤ ਮਾਮਲੇ ਵਿੱਚ ਕਾਰਵਾਈ ਕਰਨ ਲਈ ਆਦੇਸ਼ ਦੇ ਦਿੱਤਾ ਗਿਆ ਹੈ।