ਤਰਨ ਤਾਰਨ: ਜ਼ਿਲ੍ਹੇ ਦੇ ਥਾਣਾ ਕੱਚਾ ਪੱਕਾ ਅੱਗੇ ਸਥਿਤੀ ਉਸ ਸਮੇਂ ਹੰਗਾਮੇ ਵਾਲੀ ਬਣ ਗਈ ਜਦੋਂ ਇਨਸਾਫ਼ ਦੀ ਮੰਗ ਕਰਦੇ ਹੋਏ ਇੱਕ ਪਰਿਵਾਰ ਨੇ ਮ੍ਰਿਤਕ ਦੀ ਲਾਸ਼ ਰੱਖ ਕੇ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਪਿਛਲੇ ਦਿਨੀਂ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋਏ ਪਿੰਡ ਦਿਆਲਪੁਰਾ ਦੇ ਬਲਵਿੰਦਰ ਸਿੰਘ ਦੀ ਮੌਤ ਹੋ ਗਈ ਸੀ।
ਮ੍ਰਿਤਕ ਦੀ ਪਤਨੀ ਗੁਰਮੀਤ ਕੌਰ ਨੇ ਦੱਸਿਆ ਕਿ ਉਨ੍ਹਾਂ ਦੇ ਗੁਆਂਢੀਆਂ ਨਾਲ ਰੂੜੀ ਲਗਾਉਣ ਨੂੰ ਲੈ ਕੇ ਝਗੜਾ ਹੋਇਆ ਸੀ। ਇਸ ਦੌਰਾਨ ਗੁਆਂਢੀਆਂ ਨੇ ਉਨ੍ਹਾਂ ਦੇ ਘਰ ਵਿੱਚ ਦਾਖ਼ਲ ਹੋ ਕੇ ਉਸ ਦੇ ਪਤੀ ਬਲਵਿੰਦਰ ਸਿੰਘ ਦੇ ਸੱਟਾਂ ਮਾਰੀਆਂ ਸਨ ਅਤੇ ਉਸ ਸਮੇਂ ਤੋਂ ਹੀ ਬਲਵਿੰਦਰ ਸਿੰਘ ਇਲਾਜ ਅਧੀਨ ਸੀ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ। ਇਸੇ ਕਾਰਨ ਹੀ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਇਹ ਧਰਨਾ ਦੇਣਾ ਪੈ ਰਿਹਾ ਹੈ।
ਇਸ ਮੌਕੇ ਆਰਐੱਮਪੀਆਈ ਦੇ ਆਗੂ ਹਰਭਜਨ ਸਿੰਘ ਚੂਸਲੇਵੜ ਅਤੇ ਧਰਮ ਸਿੰਘ ਪੱਟੀ ਨੇ ਕਿਹਾ ਕਿ ਪੁਲਿਸ ਪੀੜਤ ਪਰਿਵਾਰ ਨੂੰ ਖੱਜਲ ਖੁਆਰ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਨੇ ਸਹੀ ਤਰੀਕੇ ਨਾਲ ਮੁਲਜ਼ਮਾਂ ਵਿਰੁੱਧ ਕਾਰਵਾਈ ਨਾ ਕੀਤੀ ਤਾਂ ਉਨ੍ਹਾਂ ਨੂੰ ਮਜ਼ਬੂਰ ਹੋ ਕੇ ਸਖ਼ਤ ਐਕਸ਼ਨ ਲੈਣਾ ਪਵੇਗਾ।
ਇਸ ਸਬੰਧੀ ਜਦੋਂ ਥਾਣਾ ਮੁਖੀ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਅਧਾਰ 'ਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਦੋਵਾਂ ਧਿਰਾਂ ਨੂੰ ਰਾਜੀਨਾਮੇ ਲਈ ਬੁਲਾਇਆ ਗਿਆ ਸੀ ਪਰ ਦੋਵੇਂ ਧਿਰਾਂ ਵੱਲੋਂ ਕੋਈ ਸਹਿਯੋਗ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਬਾਕੀ ਦੀ ਕਾਰਵਾਈ ਪੋਸਟ ਮਾਟਰਮ ਦੀ ਰਿਪੋਰਟ ਆਉਣ ਤੋਂ ਬਾਅਦ ਕੀਤੀ ਜਾਵੇਗੀ।
ਪੁਲਿਸ ਵੱਲੋਂ ਪਹਿਲਾਂ ਦਰਜ ਭਾਰਤੀ ਦੰਡਵਾਲੀ ਦੀ ਧਾਰਾ 326 ਦੇ ਮਾਮਲੇ ਤੋਂ ਬਾਅਦ ਦੋ ਮਹੀਨੇ ਤੱਕ ਰਾਜੀਨਾਮੇ ਦੀਆਂ ਕੋਸ਼ਿਸ਼ਾਂ ਪੁਲਿਸ ਦੀ ਕਾਰਗੁਜਾਰੀ 'ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਧਾਰਾ 326 ਇੱਕ ਗੈਰ ਜ਼ਮਾਨਤੀ ਧਾਰਾ ਹੈ ਅਤੇ ਅਜਿਹੇ ਮਾਮਲਿਆਂ ਵਿੱਚ ਪੁਲਿਸ ਦਾ ਕੰਮ ਰਾਜੀਨਾਮਾ ਕਰਵਾਉਣਾ ਨਹੀਂ ਸਗੋਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨਾ ਹੈ।