ਤਰਨਤਾਰਨ: ਆਪਣੀਆਂ ਮੰਗਾਂ ਨੂੰ ਲੈ ਕੇ ਧਰਨਾ ਦੇ ਰਹੇ ਕਿਸਾਨਾਂ ਨੇ ਅੰਮ੍ਰਿਤਸਰ-ਬਠਿੰਡਾ ਹਾਈਵੇ ਜਾਮ ਕਰ ਕੇ ਧਰਨਾ ਦਿੱਤਾ। ਇਸ ਧਰਨੇ ਕਰਕੇ ਯਾਤਰੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।
ਅੰਮ੍ਰਿਤਸਰ-ਬਠਿੰਡਾ ਹਾਈਵੇ 'ਤੇ ਕਿਸਾਨ ਸੰਘਰਸ਼ ਕਮੇਟੀ ਦੀ ਅਗਵਾਈ ਅਧੀਨ ਧਰਨਾ ਲਾਇਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਸਵਾਮੀਨਾਥਨ ਦੀ ਰਿਪੋਰਟ ਲਾਗੂ ਕਰ ਕੇ ਫ਼ਸਲਾਂ ਦਾ ਨਿਰਧਾਰਿਤ ਮੁੱਲ ਦਿੱਤਾ ਜਾਵੇ। ਇਸ ਦੇ ਨਾਲ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਅਤੇ ਮਜਦੂਰਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਵੀ ਮੰਗ ਕੀਤੀ।
ਕਿਸਾਨ ਸੰਘਰਸ਼ ਕਮੇਟੀ ਦੇ ਪ੍ਰਧਾਨ ਸਤਨਾਮ ਸਿੰਘ ਪੰਨੂ ਨੇ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ ਤਾਂ ਉਹ ਸਰਕਾਰ ਵਿਰੁੱਧ ਸੰਘਰਸ਼ ਹੋਰ ਤੇਜ਼ ਕਰਨਗੇ।
ਕਿਸਾਨਾਂ ਦੇ ਧਰਨੇ ਕਰਕੇ ਰਾਹਗੀਰਾਂ ਨੂੰ ਵੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਕਈ ਰਾਹਗੀਰ ਤਾਂ ਕਿਸਾਨਾਂ ਦੇ ਇਸ ਪ੍ਰਦਰਸ਼ਨ ਨੂੰ ਜਾਇਜ਼ ਠਹਿਰਾ ਰਹੇ ਹਨ ਪਰ ਕੁਝ ਰਾਹਗੀਰਾਂ ਨੇ ਸਿਰਫ਼ ਇਸ ਨੂੰ ਸਿਆਸੀ ਰੋਟੀਆਂ ਸੇਕਣ ਲਈ ਕੀਤਾ ਜਾਣ ਵਾਲਾ ਧਰਨਾ ਹੀ ਕਰਾਰ ਦੇ ਦਿੱਤਾ।