ਤਰਨ ਤਾਰਨ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਆਰਡੀਨੈਂਸਾਂ ਦਾ ਕਿਸਾਨਾਂ ਵੱਲੋਂ ਸੂਬਾ ਭਰ ਵਿੱਚ ਵਿਰੋਧ ਕੀਤਾ ਜਾ ਰਿਹਾ ਹੈ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂਆਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਦਫ਼ਤਰ ਅੱਗੇ ਕੇਂਦਰ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕਰਕੇ ਪੁਤਲਾ ਸਾੜਿਆ ਗਿਆ।
ਇਸ ਮੌਕੇ ਕਿਸਾਨ ਆਗੂਆਂ ਕਹਿਣਾ ਹੈ ਕਿ ਖੇਤੀ ਆਰਡੀਨੈਂਸ ਅਤੇ ਬਿਜਲੀ ਸੋਧ ਐਕਟ ਦਾ ਕਿਸਾਨ ਵਿਰੋਧ ਕਰਦੇ ਆ ਰਹੇ ਹਨ। ਕਿਸਾਨਾਂ ਦੇ ਵਿਰੋਧ ਦੇ ਬਾਵਜੂਦ ਵੀ ਕੇਂਦਰ ਸਰਕਾਰ ਨੇ ਇਹ ਬਿੱਲ ਲੋਕ ਸਭਾ ਅਤੇ ਹੁਣ ਰਾਜ ਸਭਾ ਵਿੱਚ ਪੇਸ਼ ਕਰਕੇ ਕਿਸਾਨਾਂ ਨਾਲ ਧਰੋਹ ਕਮਾਇਆ ਹੈ, ਪਰ ਹੁਣ ਕਿਸਾਨ ਇਨ੍ਹਾਂ ਬਿੱਲਾਂ ਨੂੰ ਕਿਸੇ ਕੀਮਤ 'ਤੇ ਲਾਗੂ ਨਹੀਂ ਹੋਣ ਦੇਣਗੇ।
ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਮੰਡੀਕਰਨ ਨੂੰ ਖ਼ਤਮ ਕਰਕੇ ਦੇਸੀ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੇ ਖੇਤੀ ਫਾਰਮ ਉਸਾਰਨ ਦਾ ਰਾਹ ਪੱਧਰਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਬਿਜਲੀ ਸੋਧ ਬਿੱਲ ਰਾਹੀਂ ਬਿਜਲੀ ਆਪਣੇ ਅਧੀਨ ਕਰ ਕਿਸਾਨਾਂ ਦੀਆਂ ਸਬਸਿਡੀ ਬੰਦ ਕਰਨ ਦਾ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾ ਹੀ ਆਰਥਿਕ ਮੰਦਹਾਲੀ ਦਾ ਸ਼ਿਕਾਰ ਹਨ, ਹੁਣ ਦੂਜੇ ਪਾਸੇ ਦੇਸ਼ ਦੇ ਪ੍ਰਧਾਨ ਮੰਤਰੀ ਸੰਵਿਧਾਨ ਅਤੇ ਲੋਕਤੰਤਰ ਦੀ ਮਰਿਯਾਦਾ ਦਾ ਘਾਣ ਕਰ ਇਨ੍ਹਾਂ ਬਿੱਲਾਂ ਨੂੰ ਲਾਗੂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਇਨ੍ਹਾਂ 3 ਬਿੱਲਾਂ ਦੇ ਖਿਲਾਫ਼ ਰੇਲ ਰੋਕੂ ਸੰਘਰਸ਼ ਕਰਕੇ ਬਿੱਲਾਂ ਨੂੰ ਲਾਗੂ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮੌਕੇ ਕਿਸਾਨਾਂ ਵੱਲੋਂ ਕੇਂਦਰ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕਰਕੇ ਪੁਤਲਾ ਸਾੜਿਆ ਗਿਆ।