ਤਰਨਤਾਰਨ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਦਿੱਲੀ ਵਿਖੇ ਅੰਦੋਲਨ ਲਗਾਤਾਰ ਜਾਰੀ ਹੈ, ਉਥੇ ਹੀ ਪੰਜਾਬ ਵਿੱਚ ਕਿਸਾਨਾਂ ਵੱਲੋਂ ਪੰਜਾਬ ਵਿੱਚ ਮੋਦੀ ਸਰਕਾਰ ਦੇ ਚਹੇਤੇ ਕਾਰਪੋਰੇਟ ਘਰਾਣਿਾਂ ਅਡਾਨੀ ਤੇ ਅੰਬਾਨੀ ਦੇ ਉਤਪਾਦਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਸਟੋਰ ਬੰਦ ਕਰਵਾਏ ਜਾ ਰਹੇ ਹਨ। ਇਸੇ ਲੜੀ ਤਹਿਤ ਪਿੰਡ ਡੱਲ ਵਿਖੇ ਪਿੰਡ ਵਾਸੀਆਂ ਅਤੇ ਕਿਸਾਨਾਂ ਨੇ ਮਿਲ ਕੇ ਸ਼ੁੱਕਰਵਾਰ ਅੰਬਾਨੀ ਦੀ ਜੀਓ ਕੰਪਨੀ ਦੇ ਟਾਵਰਾਂ ਦੇ ਕੁਨੈਕਸ਼ਨ ਕੱਟੇ ਗਏ। ਇਸ ਮੌਕੇ ਕਿਸਾਨਾਂ ਤੇ ਪਿੰਡ ਵਾਸੀਆਂ ਨੇ ਭਰਵੀਂ ਨਾਅਰੇਬਾਜ਼ੀ ਕੀਤੀ।
ਗੱਲਬਾਤ ਦੌਰਾਨ ਪੰਜਾਬ ਬਾਰਡਰ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਅੰਗਰੇਜ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਦਾ ਕਿਸਾਨਾਂ ਵੱਲੋਂ ਵਿਰੋਧ ਲਗਾਤਾਰ ਜਾਰੀ ਹੈ ਅਤੇ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ, ਉਦੋਂ ਤੱਕ ਇਨ੍ਹਾਂ ਕਾਰਪੋਰੇਟ ਘਰਾਣਿਆਂ ਅਤੇ ਭਾਜਪਾ ਆਗੂਆਂ ਦਾ ਵਿਰੋਧ ਜਾਰੀ ਰਹੇਗਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਹੋਰਨਾਂ ਕੰਪਨੀਆਂ ਜਿਨ੍ਹਾਂ ਵੱਲੋਂ ਉਨ੍ਹਾਂ ਨੂੰ ਪੈਸੇ ਲੈਣ ਦੇ ਬਾਵਜੂਦ ਉਨ੍ਹਾਂ ਨੂੰ ਪੂਰੀ ਤਰ੍ਹਾਂ ਸਹੂਲਤ ਨਹੀਂ ਦਿੱਤੀ ਜਾਂਦੀ, ਉਨ੍ਹਾਂ ਦਾ ਵਿਰੋਧ ਕਰਦੇ ਹੋਏ ਵੀ ਟਾਵਰਾਂ ਦੇ ਕੁਨੈਕਸ਼ਨ ਕੱਟੇ ਜਾਣਗੇ। ਉਨ੍ਹਾਂ ਕਿਹਾ ਕਿ ਜੀਓ ਦੇ ਬਰਾਬਰ ਹੀ ਇਨ੍ਹਾਂ ਕੰਪਨੀਆਂ ਦਾ ਵੀ ਪੂਰਾ ਵਿਰੋਧ ਕੀਤਾ ਜਾਵੇਗਾ।
ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਖੇਤੀ ਕਾਨੂੰਨਾਂ ਨੂੰ ਛੇਤੀ ਤੋਂ ਛੇਤੀ ਰੱਦ ਕੀਤਾ ਜਾਵੇ।