ਤਰਨ ਤਾਰਨ: ਕੰਡਿਆਲੀ ਤਾਰ ਪਾਰਲੇ ਕਿਸਾਨਾਂ ਨੂੰ ਮੁਆਵਜ਼ਾ ਨਾ ਮਿਲਣ ਕਾਰਨ ਕਿਸਾਨਾਂ ਵੱਲੋਂ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕਰਦਿਆਂ ਨਾਰੇਬਾਜ਼ੀ ਕੀਤੀ ਗਈ। ਕਿਸਾਨਾਂ ਵੱਲੋਂ ਆਪਣਾ ਮੰਗ ਪੱਤਰ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੂੰ ਸੋਂਪਿਆ ਗਿਆ। ਪੰਜਾਬ ਹਰਿਆਣਾ ਹਾਈਕੋਰਟ ਵੱਲੋਂ ਨਿਰਦੇਸ਼ ਦਿੱਤੇ ਗਏ ਸਨ ਕਿ ਕਿਸਾਨਾਂ ਨੂੰ ਪ੍ਰਤੀ ਏਕੜ 10 ਹਜਾਰ ਰੁਪਏ ਮੁਆਵਜਾ ਦਿੱਤਾ ਜਾਵੇ ਪਰ ਸਰਕਾਰ ਵੱਲੋਂ ਇਸ 'ਤੇ ਕੋਈ ਧਿਆਨ ਨਹੀਂ ਦਿੱਤਾ ਗਿਆ।
ਨਾਅਰੇਬਾਜੀ ਕਰ ਰਹੇ ਕਿਸਾਨਾਂ ਦੀ ਯੂਨੀਅਨ ਦੇ ਪ੍ਰਧਾਨ ਰਘਬੀਰ ਸਿੰਘ ਭੰਗਾਲਾ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਵੱਲੋਂ ਕੰਡਿਆਲੀ ਤਾਰ ਪਾਰ ਦੇ ਕਿਸਾਨਾਂ ਨੂੰ 10 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਲਾਨਾ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਗਿਆ ਹੈ। ਇਸ ਤੋਂ ਬਾਅਦ ਵੀ ਚਾਰ ਸਾਲ ਤੋਂ ਵੱਧ ਦਾ ਸਮਾਂ ਹੋ ਗਿਆ ਹੈ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਮੁਆਵਜ਼ਾ ਰਾਸ਼ੀ ਨਹੀਂ ਦਿੱਤੀ ਗਈ ਹੈ।
ਭੰਗਾਲਾ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ, ਪਰ ਪੰਜਾਬ ਸਰਕਾਰ ਵੱਲੋਂ ਆਪਣੇ ਹਿੱਸੇ ਦੀ 48 ਕਰੋੜ ਰੁਪਏ ਦੀ ਰਾਸ਼ੀ ਨਾ ਪਾਉਣ ਕਾਰਨ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਆਉਂਦੇ ਦਿਨਾਂ ਵਿੱਚ ਉਨ੍ਹਾਂ ਨੂੰ ਬਕਾਇਆ ਰਾਸ਼ੀ ਨਾ ਦਿੱਤੀ ਤਾਂ ਉਹ ਮੁੱਖ ਮੰਤਰੀ ਭਗਵੰਤ ਮਾਨ ਦਾ ਚੰਡੀਗੜ੍ਹ ਜਾ ਕੇ ਘਿਰਾਓ ਕਰਨਗੇ।
ਇਸ ਮੌਕੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਧੂਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਬਾਰਡਰ ਤੋਂ ਤਾਰ ਪਾਰਲੇ ਕਿਸਾਨਾਂ ਦੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਮਿਲਿਆ ਹੈ, ਜਿਸ ਵਿੱਚ ਉਨ੍ਹਾਂ ਦੀਆਂ ਬਕਾਇਆ ਮੁਆਵਜ਼ਾ ਰਾਸ਼ੀ ਤੋਂ ਇਲਾਵਾ ਹੋਰ ਮੁਸ਼ਕਲਾਂ ਬਾਰੇ ਵੀ ਦੱਸਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਦਾ ਮੰਗ ਪੱਤਰ ਪੰਜਾਬ ਸਰਕਾਰ ਨੂੰ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ: ਕਿਰਾਏ ਤੇ ਲਿਆਂਦੇ ਸ਼ਟਰਿੰਗ ਦੇ ਸਾਮਾਨ ਨੂੰ ਧੋਖੇ ਵੇਚਿਆ ਅੱਗੇ