ਤਰਨ ਤਾਰਨ: ਸੈਂਕੜਿਆਂ ਦੀ ਗਿਣਤੀ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨੇ ਇੱਕ ਦੇਸ਼ ਇੱਕ ਮੰਡੀ ਅਤੇ ਬਿਜਲੀ ਸੋਧ ਬਿੱਲ 2020 ਵਿਰੁੱਧ ਬੁੱਧਵਾਰ ਨੂੰ ਡੀਸੀ ਦਫ਼ਤਰ ਬਾਹਰ ਧਰਨਾ ਦਿੱਤਾ।
ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਹੱਲ ਕਰਨ ਅਤੇ ਲੰਮੇ ਸਮੇਂ ਤੋਂ ਨਾ ਮੰਨੀਆਂ ਜਾ ਰਹੀਆਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰ ਵਿਰੁੱਧ ਪ੍ਰਰਦਰਸ਼ਨ ਕੀਤਾ ਗਿਆ।
ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਆਗੂ ਨੇ ਕਿਹਾ ਕੇਂਦਰ ਦੀ ਮੋਦੀ ਸਰਕਾਰ ਵਿਸ਼ਵ ਵਪਾਰ ਸੰਸਥਾ, ਵਰਲਡ ਬੈਂਕ ਤੇ ਅਮਰੀਕੀ ਸਾਮਰਾਜ ਅੱਗੇ ਪੂਰੀ ਤਰ੍ਹਾਂ ਗੋਡੇ ਟੇਕ ਚੁੱਕੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ 138 ਕਰੋੜ ਜਨਤਾ ਨਾਲ ਧੋਖਾ ਕਰਕੇ ਸਾਰੇ ਜਨਤਕ ਅਦਾਰੇ ਦੇਸ਼ੀ ਅਤੇ ਵਿਦੇਸ਼ੀ ਕਾਰਪੋਰੇਟ ਘਰਾਣਿਆਂ ਦੀ ਝੋਲੀ ਪਾਏ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਖੇਤੀ ਮੰਡੀ ਅਤੇ ਬਿਜਲੀ ਬੋਰਡ ਨਿੱਜੀ ਹੱਥਾਂ ਵਿੱਚ ਦੇਣ ਦਾ ਫ਼ੈਸਲਾ ਕਿਸਾਨਾਂ, ਮਜ਼ਦੂਰਾਂ ਅਤੇ ਦੇਸ਼ ਦੀ ਆਮ ਜਨਤਾ ਲਈ ਬਹੁਤ ਮਾਰੂ ਸਾਬਤ ਹੋਵੇਗਾ ਕਿਉਂਕਿ ਕੋਈ ਵੀ ਸਰਕਾਰੀ ਦਖ਼ਲ ਨਾ ਹੋਣ 'ਤੇ ਵਪਾਰੀ ਆਪਣੀ ਮਨਮਰਜ਼ੀ ਕਰਨਗੇ ਅਤੇ ਕਿਸਾਨਾਂ ਦੀਆਂ ਫ਼ਸਲਾਂ ਮੰਡੀਆਂ ਵਿੱਚ ਰੋਲੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਉਹ 'ਇੱਕ ਦੇਸ਼ ਇੱਕ ਮੰਡੀ' ਦਾ ਸਿਸਟਮ ਕਦੇ ਵੀ ਲਾਗੂ ਨਹੀਂ ਹੋਣ ਦੇਣਗੇ।