ਤਰਨਤਾਰਨ: ਇੱਥੋ ਦੇ ਪਿੰਡ ਪੰਜਵੜ ਦੇ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਕਾਂਗਰਸੀਆਂ ਵੱਲੋਂ ਕਥਿਤ ਤੌਰ 'ਤੇ ਗੁੰਡਾਗਰਦੀ ਕਰਦਿਆਂ ਰੰਜਿਸ਼ ਕਾਰਨ ਗੁਰਦੁਆਰੇ ਦੇ ਪ੍ਰਧਾਨ ਤੇ ਗੁਰਦੁਆਰਾ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਈਆਂ ਗਈਆਂ। ਪਿੰਡ ਵਾਸੀਆਂ ਵਿੱਚ ਗੁਰਦੁਆਰਾ 'ਚ ਗੋਲੀਆਂ ਚਲਾਉਣ ਨੂੰ ਲੈ ਕੇ ਰੋਸ ਕੀਤਾ ਜਾ ਰਿਹਾ ਹੈ। ਪਿੰਡ ਵਾਸੀਆਂ ਨੇ ਉਕਤ ਲੋਕਾਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਤਰਨਤਾਰਨ ਦੇ ਪਿੰਡ ਪੰਜਵੜ ਵਿਖੇ ਸਥਿਤ ਗੁਰਦੁਆਰਾ ਸ਼ਹੀਦਾਂ ਸਾਹਿਬ ਵਿਖੇ ਪਿੰਡ ਦੇ ਹੀ ਕੁਝ ਕਾਂਗਰਸੀਆਂ ਵੱਲੋਂ ਗੁਰਦੁਆਰੇ ਦੇ ਪ੍ਰਧਾਨ ਤੇ ਰੰਜਿਸ਼ ਦੇ ਚੱਲਦਿਆਂ ਗੁਰਦੁਆਰੇ ਵਿੱਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਗੁਰਦੁਆਰੇ ਵਿੱਚ ਗੋਲੀਆਂ ਚਲਾਉਣ ਨੂੰ ਲੈ ਕੇ ਪਿੰਡ ਦੇ ਲੋਕਾਂ ਵਿੱਚ ਰੋਸ ਪਾਇਆ ਜਾ ਰਿਹਾ ਹੈ। ਪਿੰਡ ਦੇ ਲੋਕਾਂ ਵੱਲੋਂ ਉਕਤ ਘਟਨਾ ਨੂੰ ਸ੍ਰੀ ਦਰਬਾਰ ਸਾਹਿਬ ਤੇ ਹਮਲੇ ਤੋਂ ਘੱਟ ਨਾ ਦੱਸਦਿਆਂ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਧਰ, ਪੁਲਿਸ ਵੱਲੋਂ ਮਾਮਲੇ ਦੀ ਜਾਂਚ ਤੋਂ ਬਾਅਦ ਕਾਰਵਾਈ ਦਾ ਭਰੋਸਾ ਦਿੱਤਾ ਜਾ ਰਿਹਾ ਹੈ।
ਉਧਰ, ਗੁਰਦੁਆਰਾ ਦੇ ਪ੍ਰਧਾਨ ਬਲਦੇਵ ਸਿੰਘ ਨੇ ਕਿਹਾ ਕਿ ਉਕਤ ਲੋਕਾਂ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਦਾਖ਼ਲ ਹੋ ਕੇ ਪਹਿਲਾਂ ਤੇ ਉਸ ਦੇ ਲੜਕੇ ਦੀ ਕੁੱਟਮਾਰ ਕੀਤੀ ਗਈ ਅਤੇ ਬਾਅਦ ਵਿੱਚ ਜਦੋਂ ਉਸ ਵੱਲੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਕਤ ਲੋਕਾਂ ਵੱਲੋਂ ਰਿਵਾਲਵਰ ਨਾਲ ਉਨ੍ਹਾਂ ਤੇ ਗੋਲੀਆਂ ਚਲਾਈਆਂ ਗਈਆ। ਬਲਦੇਵ ਸਿੰਘ ਨੇ ਸਬੰਧਤ ਲੋਕਾਂ ਵਿਰੁੱਦ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ।
ਥਾਣਾ ਝਬਾਲ ਪੁਲਿਸ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਜਾਂਚ ਅਧਿਕਾਰੀ ਸੁਰਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਦੋਹਾਂ ਪਾਰਟੀਆਂ ਦੇ ਆਪਸੀ ਝਗੜੇ ਦੀ ਸ਼ਿਕਾਇਤ ਮਿਲੀ ਹੈ ਅਤੇ ਪੁਲਿਸ ਵੱਲੋਂ ਗੰਭੀਰਤਾ ਨਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਾਂਚ ਤੋਂ ਬਾਅਦ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।