ਤਰਨਤਾਰਨ: ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਰਾਜੌਰੀ ਦੇ ਨੌਸ਼ਹਿਰਾ ਸੈਕਟਰ ਵਿੱਚ ਪਾਕਿਸਤਾਨੀ ਫੌਜ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ਦੌਰਾਨ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦਾ ਸੋਮਵਾਰ ਨੂੰ ਸਰਕਾਰੀ ਸਨਮਾਨਾਂ ਹੇਠ ਸਸਕਾਰ ਕੀਤਾ ਗਿਆ। ਪਿੰਡ ਗੋਇੰਦਵਾਲ ਨਾਲ ਸਬੰਧਿਤ ਸ਼ਹੀਦ ਫ਼ੌਜੀ ਰਾਜਵਿੰਦਰ ਸਿੰਘ ਨੂੰ ਪਿੰਡ ਦੇ ਲੋਕਾਂ, ਰਿਸ਼ਤੇਦਾਰਾਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਫੌਜ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪੁੱਜ ਕੇ ਨਮ ਅੱਖਾਂ ਨਾਲ ਸ਼ਰਧਾਂਜਲੀਆਂ ਭੇਂਟ ਕੀਤੀਆਂ।
ਸ਼ਹੀਦ ਰਾਜਵਿੰਦਰ ਸਿੰਘ ਦੀ ਮ੍ਰਿਤਕ ਦੇਹ ਸੋਮਵਾਰ ਨੂੰ ਪਿੰਡ ਪੁੱਜੀ ਤਾਂ ਸਾਰੇ ਪਿੰਡ ਦਾ ਮਾਹੌਲ ਗ਼ਮਗੀਨ ਹੋ ਗਿਆ। ਇਸ ਮੌਕੇ ਪਰਿਵਾਰਿਕ ਮੈਂਬਰਾਂ ਨੇ ਸ਼ਹੀਦ ਦਾ ਸਸਕਾਰ ਵੱਖਰੀ ਥਾਂ ਕਰਨ ਅਤੇ ਉਸ ਥਾਂ 'ਤੇ ਯਾਦਗਾਰ ਬਣਾਉਣ ਦੀ ਮੰਗ ਕੀਤੀ, ਜਿਸ ਨੂੰ ਪ੍ਰਸ਼ਾਸਨ ਨੇ ਮੰਨ ਲਿਆ। ਇਸ ਤੋਂ ਬਾਅਦ ਅੰਤਿਮ ਸਸਕਾਰ ਦੀਆਂ ਰਸਮਾਂ ਪੂਰੀਆਂ ਕੀਤੀਆਂ ਗਈਆਂ। ਸ਼ਹੀਦ ਰਾਜਵਿੰਦਰ ਸਿੰਘ ਦੀ ਚਿਤਾ ਨੂੰ ਅਗਨੀ ਉਨ੍ਹਾਂ ਦੇ ਮੁੰਡੇ ਨੇ ਵਿਖਾਈ। ਫੌਜ ਦੀ ਟੁਕੜੀ ਵੱਲੋਂ ਸਲਾਮੀ ਭੇਂਟ ਕੀਤੀ ਗਈ।
ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜਵਿੰਦਰ ਸਿੰਘ ਪਹਿਲੀ ਸਿੱਖ ਲਾਈਟ ਰੈਜੀਮੈਂਟ ਦਾ ਜਵਾਨ ਸੀ ਅਤੇ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਨੌਸ਼ਹਿਰਾ ਚੌਂਕੀ ਵਿਖੇ ਤੈਨਾਤ ਸੀ। ਉਨ੍ਹਾਂ ਕਿਹਾ ਕਿ ਕਲ ਸਵੇਰੇ ਉਨ੍ਹਾਂ ਨੂੰ ਫੌਜ ਦੇ ਅਧਿਕਾਰੀਆਂ ਵੱਲੋਂ ਰਾਜਵਿੰਦਰ ਨੂੰ ਗੋਲੀਆਂ ਲੱਗਣ ਦੀ ਘਟਨਾ ਲਈ ਸੂਚਿਤ ਕੀਤਾ ਗਿਆ ਸੀ ਪਰ ਬਾਅਦ ਵਿੱਚ ਪਤਾ ਲੱਗਾ ਕਿ ਰਾਜਵਿੰਦਰ ਸਿੰਘ ਦੇਸ਼ ਲਈ ਲੜਦੇ ਹੋਏ ਸ਼ਹੀਦ ਹੋ ਗਿਆ।
ਸ਼ਹੀਦ ਰਾਜਵਿੰਦਰ ਸਿੰਘ ਆਪਣੇ ਪਿੱਛੇ ਬਜ਼ੁਰਗ ਮਾਤਾ, ਪਤਨੀ ਮਨਪ੍ਰੀਤ ਕੌਰ, ਪੁੱਤਰ ਜੋਬਨਜੀਤ ਸਿੰਘ (16 ਸਾਲ) ਅਤੇ ਬੇਟੀ ਪਵਨਪ੍ਰੀਤ (15 ਸਾਲ) ਛੱਡ ਗਿਆ। ਜ਼ਿਕਰਯੋਗ ਹੈ ਕਿ ਸ਼ਹੀਦ ਰਾਜਵਿੰਦਰ ਸਿੰਘ ਦੇ ਪਿਤਾ ਦੀ ਮੌਤ ਹੋ ਚੁੱਕੀ ਹੈ ਅਤੇ ਛੋਟਾ ਭਰਾ, ਜੋ ਕਿ ਫੌਜ ਵਿੱਚ ਹੀ ਸੀ, ਦੀ ਵੀ ਦੁਰਘਟਨਾ ਵਿੱਚ ਮੌਤ ਹੋ ਗਈ ਸੀ।
ਬੀਤੇ ਦਿਨ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1 ਸਿੱਖ ਲਾਈਟ ਇਨਫੈਂਟਰੀ ਯੂਨਿਟ ਦੇ ਸ਼ਹੀਦ ਹੋਏ ਨਾਇਬ ਸੂਬੇਦਾਰ ਰਾਜਵਿੰਦਰ ਸਿੰਘ ਦੇ ਪਰਿਵਾਰ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਅਤੇ ਇੱਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦਾ ਐਲਾਨ ਕੀਤਾ ਹੈ।