ਤਰਨ ਤਾਰਨ: ਪੰਜਾਬ ਪੁਲਿਸ ਵੱਲੋਂ ਬੀਤੇ ਦਿਨੀਂ ਤਿੰਨ ਵਿਅਕਤੀਆਂ ਦੀ ਗ੍ਰਿਫ਼ਤਾਰੀ ਨਾਲ ਇੱਕ ਵੱਡੇ ਨਾਰਕੋ ਗੈਂਗਸਟਰ ਮੌਡਿਊਲ ਦਾ ਪਰਦਾਫਾਸ਼ ਕੀਤਾ ਗਿਆ ਸੀ, ਜਿਸ ਦੀ 532 ਕਿਲੋ ਅਟਾਰੀ ਡਰੱਗ ਮਾਮਲੇ ਵਿੱਚ ਭਾਲ ਸੀ। ਫੜੇ ਗਏ ਦੋਸ਼ੀਆਂ ਵਿੱਚੋਂ 2 ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਤਰਨ ਤਾਰਨ ਦੇ ਸੀਆਈਏ ਸਟਾਫ ਵੱਲੋਂ ਬੁੱਧਵਾਰ ਨੂੰ ਸੁਖਦੇਵ ਸਿੰਘ ਅਤੇ ਸਰਬਜੀਤ ਸਿੰਘ ਪੱਟੀ ਦੀ ਅਦਾਲਤ ਵਿਚ ਪੇਸ਼ ਕੀਤਾ ਜਿੱਥੇ ਅਦਾਲਤ ਨੇ ਇਨ੍ਹਾਂ ਨੂੰ 16 ਮਈ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸਆਈ ਬਲਦੇਵ ਸਿੰਘ ਨੇ ਦੱਸਿਆ ਕਿ ਇਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 16 ਮਈ ਤੱਕ ਰਿਮਾਂਡ ਹਾਸਲ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕੋਲੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਕਿਉਂਕਿ ਇਨ੍ਹਾਂ ਦੇ ਸਬੰਧ ਕਈ ਗੈਂਗਸਟਰਾਂ ਨਾਲ ਹਨ।
ਦੱਸਣਯੋਗ ਹੈ ਕਿ ਬੀਤੇ ਦਿਨੀਂ ਡੀਐਸਪੀ (ਡਿਟੈਕਟਿਵ) ਅਤੇ ਇੰਚਾਰਜ ਸੀਆਈਏ, ਤਰਨ ਤਾਰਨ ਦੀ ਟੀਮ ਨੇ ਗੈਂਗਸਟਰ ਗੁਰਪ੍ਰੀਤ ਸਿੰਘ, ਸੁਖਦੇਵ ਸਿੰਘ ਅਤੇ ਸਰਬਜੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਦੋਸ਼ੀਆਂ ਕੋਲੋਂ 6 ਨਾਜਾਇਜ਼ ਹਥਿਆਰ ਜ਼ਬਤ ਕੀਤੇ ਗਏ ਸਨ ਅਤੇ ਇਨ੍ਹਾਂ ਖਿਲਾਫ਼ ਥਾਣਾ ਭਿੱਖੀਵਿੰਡ ਵਿਖੇ ਐਨਡੀਪੀਐਸ ਐਕਟ ਦੀ ਧਾਰਾ 27, ਆਰਮਜ਼ ਐਕਟ ਦੀ ਧਾਰਾ 25, 54, 59, ਆਈਪੀਸੀ 188, 269, 270, 506 ਅਤੇ ਆਪਦਾ ਪ੍ਰਬੰਧਨ ਦੀ ਧਾਰਾ 51 ਬੀ ਤਹਿਤ ਕੇਸ ਦਰਜ ਕੀਤਾ ਗਿਆ ਸੀ।