ਤਰਨ ਤਾਰਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਮਾਝੇ ਦੇ ਇਤਿਹਾਸਕ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਨਤਮਸਤਕ ਹੋਏ ਹਨ। ਇਸ ਮੌਕੇ ਉਨ੍ਹਾਂ ਨਾਲ ਤਰਨਤਾਰਨ ਜ਼ਿਲ੍ਹੇ ਨਾਲ ਸਬੰਧਿਤ 3 ਵਿਧਾਇਕ ਅਤੇ ਹੋਰ ਆਗੂ ਵੀ ਮੌਜੂਦ ਸਨ।
ਇਸ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦੇ ਪੰਜਾਬ ਵਿਧਾਨਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਇਸ ਵਾਰ ਪੰਜਾਬ ਦਾ ਬਜਟ ਲੋਕਾਂ ਦੀ ਰਾਏ ਨਾਲ ਪੇਸ਼ ਹੋਵੇਗਾ ਅਤੇ ਲੋਕਾਂ ਦੀ ਰਾਏ ਵੀ ਜਨਤਕ ਕੀਤੀ ਜਾਵੇਗੀ। ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੂਬਾ ਦਾ ਖਜ਼ਾਨਾ ਭਰੇਗਾ ਕਿਉਂਕਿ ਉਨ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ ਜੋ ਕਿ ਇਮਾਨਦਾਰੀ ਨਾਲ ਕੰਮ ਕਰਦੀ ਹੈ। ਇਸ ਮੌਕੇ ਉਨ੍ਹਾਂ ਵਿਰੋਧੀ ਪਾਰਟੀਆਂ ਖ਼ਿਲਾਫ਼ ਜੰਮਕੇ ਭੜਾਸ ਕੱਢੀ ਹੈ।
ਇਸਦੇ ਨਾਲ ਹੀ ਉਨ੍ਹਾਂ ਕਿਹਾ ਕਿ ਬਜਟ ਸ਼ੈਸ਼ਨ ਦਾ ਸਮਾਂ ਵੀ ਵਧਾਇਆ ਜਾਵੇਗਾ। ਸੰਧਵਾ ਨੇ ਕਿਹਾ ਕਿ ਪਿਛਲੀ ਸਰਕਾਰ ਨੇ ਪਿਛਲੇ 5 ਸਾਲਾਂ ਵਿਚ ਮਹਿਜ਼ 17 ਬਿੱਲ ਹੀ ਪਾਸ ਕੀਤੇ ਸਨ। ਸੰਧਵਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਕਿਸੇ ਵੀ ਬਿਲ ਪੇਸ਼ ਕਰਨ ਸਮੇਂ ਚਰਚਾ ਨਹੀਂ ਕੀਤੀ ਜਾਂਦੀ ਸੀ। ਇਸ ਦੌਰਾਨ ਉਨ੍ਹਾਂ ਦਾਅਵਾ ਕੀਤਾ ਕਿ ਇਸ ਵਾਰ ਤੁਸੀਂ ਦੇਖੋਗੇ ਕਿ ਵਿਧਾਨਸਭਾ ਵਿੱਚ ਸਹੀ ਕੰਮ ਹੋਵੇਗਾ।
ਨਾਲ ਹੀ ਉਨ੍ਹਾਂ ਕਿਹਾ ਬਰਗਾੜੀ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨਾਲ ਹਰ ਸਿੱਖ ਦਾ ਹਿਰਦਾ ਵਲੂੰਧਰਿਆ ਗਿਆ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਬਰਗਾੜੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਦੀ ਗੱਲ ਕੀਤੀ ਪਰ ਕੀਤਾ ਕੁਝ ਨਹੀਂ। ਉਨ੍ਹਾਂ ਕਿਹਾ ਕਿ ਆਪ ਸਰਕਾਰ ਬਰਗਾੜੀ ਮਾਮਲੇ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਏਗੀ।
ਇਹ ਵੀ ਪੜ੍ਹੋ: ਜਾਖੜ ਨੇ ਛੱਡੀ ਕਾਂਗਰਸ, ਮਿਲਿਆ ਬੀਜੇਪੀ ‘ਚ ਸ਼ਾਮਲ ਹੋਣ ਦਾ ਸੱਦਾ