ਤਰਨ ਤਾਰਨ: ਅੱਜ ਦਸਹਿਰੇ ਉੱਤੇ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ।
ਪ੍ਰਦਰਸ਼ਨਕਾਰੀ ਔਰਤਾਂ ਨੇ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ ਕਿਸਾਨਾਂ ਲਈ ਜੋ ਤਿੰਨ ਖੇਤੀ ਕਾਨੂੰਨ ਲਿਆਂਦੇ ਹਨ ਉਹ ਕਿਸਾਨਾਂ ਲਈ ਬਹੁਤ ਹੀ ਘਾਤਕ ਹਨ। ਕੇਂਦਰ ਦੀ ਸਰਕਾਰ ਨੇ ਇਨ੍ਹਾਂ ਖੇਤੀ ਕਾਨੂੰਨਾਂ ਨੂੰ ਲਿਆ ਕੇ ਕਿਸਾਨਾਂ ਦੇ ਸਿੱਧੇ ਤੌਰ ਉੱਤੇ ਮੌਤ ਦੇ ਵਾਰੰਟ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਨਰਿੰਦਰ ਮੋਦੀ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨ ਹਰ ਵਰਗ ਦਾ ਰੁਜ਼ਗਾਰ ਖੋਹਣ ਵਾਲਾ ਹੈ ਜੋ ਕਿ ਕਿਸੇ ਵੀ ਕੀਮਤ ਉੱਤੇ ਪ੍ਰਵਾਨ ਨਹੀਂ ਹੋਣ ਦਿੱਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਅੱਜ ਉਹ ਦੁਸਹਿਰੇ ਉੱਤੇ ਮੋਦੀ ਦਾ ਪੁਤਲਾ ਇਸ ਕਰਕੇ ਫੂਕ ਰਹੇ ਹਨ ਕਿਉਂਕਿ ਪੰਜਾਬ ਦੇ ਕਿਸਾਨਾਂ ਲਈ ਅੱਜ ਮੋਦੀ ਰਾਵਣ ਹੈ। ਉਨ੍ਹਾਂ ਕਿਹਾ ਕਿ ਰਾਵਣ ਨੇ ਸਿਰਫ਼ ਇੱਕ ਔਰਤ ਨੂੰ ਕੈਦ ਕਰਨ ਦਾ ਜੁਰਮ ਕੀਤਾ ਸੀ ਪਰ ਮੋਦੀ ਕਈ ਕਿਸਾਨਾਂ ਅਤੇ ਨੌਜਵਾਨਾਂ ਦੇ ਭਵਿੱਖ ਨੂੰ ਬਰਬਾਦ ਕਰ ਰਿਹਾ ਹੈ। ਜਿਸ ਕਰਕੇ ਉਹ ਮੋਦੀ ਦਾ ਵਿਰੋਧ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਦੀ ਸਰਕਾਰ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰਦੀ ਉਦੋਂ ਤੱਕ ਉਨ੍ਹਾਂ ਦਾ ਵਿਰੋਧ ਇਸੇ ਤਰ੍ਹਾਂ ਜਾਰੀ ਰਹੇਗਾ।
ਕਿਸਾਨ ਆਗੂ ਨੇ ਕਿਹਾ ਕਿ ਬਾਬਾ ਬਲਾਕਾ ਸਿੰਘ ਜ਼ੋਨ ਪਿੰਡ ਕੱਲਾ ਵੱਲੋਂ ਅੱਜ ਰਾਵਣ ਦਹਿਣ ਮੌਕੇ ਮੋਦੀ ਦਾ ਪੁਤਲਾ ਫੂਕਿਆ ਗਿਆ। ਉਨ੍ਹਾਂ ਕਿਹਾ ਕਿ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਇਹ ਰੋਸ ਅੱਗੇ ਵੀ ਲਗਾਤਾਰ ਜਾਰੀ ਰਹੇਗਾ।