ਤਰਨਤਾਰਨ: ਸਰਹੱਦੀ ਪਿੰਡ ਡੱਲ ਵਿਖੇ ਭਾਰਤ ਪਾਕਿ-ਸੀਮਾ ਉੱਤੇ ਪਾਕਿਸਤਾਨ ਤੋਂ ਭਾਰਤ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦੇ 5 ਘੁਸਪੈਠੀਆਂ ਨੂੰ ਬੀਐੱਸਐਫ ਦੀ 103 ਬਟਾਲੀਅਨ ਨੇ ਢੇਰ ਕੀਤਾ ਸੀ ਅਤੇ ਉਨ੍ਹਾਂ ਕੋਲੋਂ ਵੱਡੀ ਮਾਤਰਾ 'ਚ ਹਥਿਆਰ, ਹੈਰੋਇਨ ਅਤੇ ਮੋਬਾਈਲ ਫੋਨ ਬਰਾਮਦ ਕੀਤੇ ਸਨ।
ਉੱਥੇ ਹੀ ਜ਼ਿਲ੍ਹਾ ਪੁਲੀਸ ਨੇ ਇਸ ਮਾਮਲੇ ਨਾਲ ਸੰਬੰਧਿਤ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ 22 ਅਗਸਤ ਨੂੰ ਭਾਰਤ ਅੰਦਰ ਦਾਖ਼ਲ ਹੋਣ ਦੀ ਕੋਸ਼ਿਸ਼ 5 ਪਾਕਿਸਤਾਨੀ ਘੁਸਪੈਠੀਆਂ ਨੂੰ ਬੀਐੱਸਐੱਫ ਵੱਲੋਂ ਮੌਕੇ ਉੱਤੇ ਹੀ ਢੇਰ ਕਰ ਦਿੱਤਾ ਗਿਆ ਸੀ।
ਇਸ ਆਪ੍ਰੇਸ਼ਨ ਤੋਂ ਬਾਅਦ ਕੇਸ ਦੀ ਸਾਰੀ ਜਾਂਚ ਜ਼ਿਲ੍ਹਾ ਪੁਲਿਸ ਨੂੰ ਸੌਂਪ ਦਿੱਤੀ ਗਈ ਸੀ। ਜਿਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕੀਤੀ ਅਤੇ ਬਰਾਮਦ ਕੀਤੇ ਮੋਬਾਈਲ ਫ਼ੋਨਾਂ ਦੀ ਜਾਂਚ ਤੋਂ ਜ਼ਿਲ੍ਹਾ ਤਰਨਤਾਰਨ ਦੇ ਪਿੰਡ ਡੱਲ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਗੋਰਾ ਪੁੱਤਰ ਸੁਬੇਗ ਸਿੰਘ ਅਤੇ ਗੁਰਬਖ਼ਸ਼ ਸਿੰਘ ਉਰਫ਼ ਜੱਸਾ ਪੁੱਤਰ ਸਵਰਨ ਸਿੰਘ ਤੋਂ ਇਲਾਵਾ ਪਿੰਡ ਧੂੰਦਾ ਵਾਸੀ ਜੋਧਬੀਰ ਸਿੰਘ ਪੁੱਤਰ ਜਸਬੀਰ ਸਿੰਘ ਅਤੇ ਗੁਰਪ੍ਰੀਤ ਸਿੰਘ ਪੁੱਤਰ ਮੱਖਣ ਸਿੰਘ ਦੇ ਸਬੰਧ ਪਾਕਿਸਤਾਨੀ ਘੁਸਪੈਠੀਆਂ ਨਾਲ ਪਾਏ ਗਏ ਹਨ।
ਜਾਣਕਾਰੀ ਮੁਤਾਬਕ ਉੱਕਤ ਕਾਬੂ ਕੀਤੇ ਚਾਰੇ ਦੋਸ਼ੀਆਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸੰਪਰਕ ਸਨ ਅਤੇ ਉਨ੍ਹਾਂ ਵੱਲੋਂ ਨਸ਼ੇ ਦੀ ਖੇਪ ਅਤੇ ਅਸਲਾ ਵੀ ਮੰਗਵਾਇਆ ਜਾ ਚੁੱਕਾ ਹੈ। ਬੀਐੱਸਐੱਫ਼ ਵੱਲੋਂ ਜਿਹੜੇ 5 ਘੁਸਪੈਠੀਏ ਮਾਰੇ ਗਏ ਸਨ, ਉਸੇ ਰਾਤ ਉਨ੍ਹਾਂ ਨੇ ਦੋਸ਼ੀਆਂ ਦੇ ਘਰ ਵਿੱਚ ਹੀ ਪਨਾਹ ਲੈਣੀ ਸੀ।
ਜਾਣਕਾਰੀ ਦਿੰਦਿਆਂ ਸਬ-ਡਵੀਜ਼ਨ ਭਿੱਖੀਵਿੰਡ ਦੇ ਡੀਐੱਸਪੀ ਰਾਜਬੀਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਚਾਰਾਂ ਵਿਅਕਤੀਆਂ ਦੇ ਪਾਕਿਸਤਾਨੀ ਸਮੱਗਲਰਾਂ ਨਾਲ ਸਬੰਧ ਪਾਏ ਗਏ ਹਨ। ਜਿਨ੍ਹਾਂ ਨੂੰ ਥਾਣਾ ਖਾਲੜਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਅਦਾਲਤ ਪੇਸ਼ ਕਰ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ।