ਤਰਨ ਤਾਰਨ: ਸ਼ਹਿਰ ਦੇ ਨੇੜਲੇ ਪਿੰਡ ਦੇਊ ਵਿਖੇ ਜ਼ਮੀਨੀ ਵਿਵਾਦ ਨੂੰ ਲੈ ਕੇ 2 ਧਿਰ ਆਪਸ ਵਿੱਚ ਭਿੜ ਗਏ। ਮਾਮਲਾ ਇਨ੍ਹਾਂ ਵੱਧ ਗਿਆ ਕਿ ਦੋਵਾਂ ਧਿਰਾਂ ਦੀ ਆਪਸ ਵਿੱਚ ਝੜਪ ਹੋ ਗਈ ਅਤੇ ਦੋਵਾਂ ਧਿਰਾਂ ਦੇ 4 ਮੈਂਬਰ ਜ਼ਖ਼ਮੀ ਹੋ ਗਏ।
ਇਸ ਸਬੰਧੀ ਦੋਸ਼ ਲਗਾਉਂਦਿਆਂ ਪੀੜਤ ਗੁਰਸਿੱਖ ਔਰਤ ਰੁਪਿੰਦਰ ਕੌਰ ਨੇ ਦੱਸਿਆ ਹੈ ਕਿ ਉਸ ਦੇ ਦਿਓਰ ਨਾਲ ਜ਼ਮੀਨ ਦਾ ਝਗੜਾ ਚੱਲ ਰਿਹਾ ਹੈ। ਪੀੜਤਾ ਮੁਤਾਬਕ ਬੀਤੇ ਦਿਨ ਮੁਖਤਾਰ ਸਿੰਘ ਆਪਣੇ ਬੇਟੇਆਂ ਅਤੇ ਕੁੱਝ ਅਣਪਛਾਤੇ ਵਿਅਕਤੀਆਂ ਸਮੇਤ ਹਥਿਆਰਾਂ ਨਾਲ ਲੈਸ ਹੋ ਕੇ ਉਸ ਦੇ ਘਰ ਆ ਗਿਆ। ਪੀੜਤਾ ਨੇ ਕਿਹਾ ਕਿ ਉਸ ਦੀ ਅਤੇ ਉਸ ਦੇ ਪਤੀ ਦੀ ਕੁੱਟਮਾਰ ਕੀਤੀ ਅਤੇ ਉਸ ਦੇ ਕਕਾਰਾਂ ਦੀ ਵੀ ਬੇਅਦਬੀ ਵੀ ਕੀਤੀ ਅਤੇ ਉਸ ਦੇ ਕੱਪੜੇ ਪਾੜ ਕੇ ਉਸ ਨਾਲ ਬਦਸਲੂਕੀ ਕੀਤੀ ਗਈ।
ਪੀੜਤ ਰੁਪਿੰਦਰ ਕੌਰ ਨੇ ਦੱਸਿਆ ਕਿ ਜਦ ਝਗੜੇ ਦੀਆਂ ਅਵਾਜ਼ਾਂ ਸੁਣ ਕੇ ਉਸ ਦੇ ਰਿਸ਼ਤੇਦਾਰ ਉਸ ਨੂੰ ਛੁਡਵਾਉਣ ਲਈ ਆਏ ਤਾਂ ਉਕਤ ਦੋਸ਼ੀਆਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਨ੍ਹਾਂ ਨੂੰ ਵੀ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਰੁਪਿੰਦਰ ਕੌਰ ਦਾ ਪਤੀ ਗੁਲਜ਼ਾਰ ਸਿੰਘ ਗੰਭੀਰ ਜ਼ਖ਼ਮੀ ਹੋਣ ਕਾਰਨ ਸਿਵਲ ਹਸਪਤਾਲ ਤਰਨ ਤਾਰਨ ਵਿਖੇ ਜ਼ੇਰੇ ਇਲਾਜ਼ ਹੈ। ਪੀੜਤਾ ਨੇ ਕਿਹਾ ਕਿ ਉੱਕਤ ਦੋਸ਼ੀਆਂ ਵੱਲੋਂ ਉਨ੍ਹਾਂ 'ਤੇ ਪਹਿਲਾਂ ਵੀ ਜਾਨਲੇਵਾ ਹਮਲਾ ਕੀਤਾ ਗਿਆ ਸੀ ਅਤੇ ਦੋਸ਼ੀਆਂ ਵੱਲੋਂ ਸ਼ਰੇਆਮ ਗੁੰਡਾਗਰਦੀ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਹਾਕਮ ਧਿਰ ਨਾਲ ਸਬੰਧ ਹੋਣ ਦੇ ਚਲਦਿਆਂ ਉੱਕਤ ਦੋਸ਼ੀਆਂ ਖ਼ਿਲਾਫ਼ ਕਾਰਵਾਈ ਨਹੀਂ ਕੀਤੀ ਜਾ ਰਹੀ। ਉਨ੍ਹਾਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉੱਕਤ ਦੋਸ਼ੀਆਂ ਦੇ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਰੁਪਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਦਾ ਪਹਿਲਾਂ ਵੀ ਝਗੜਾ ਹੋਇਆ ਸੀ, ਜਿਸ ਦਾ ਥਾਣਾ ਸਦਰ ਤਰਨ ਤਾਰਨ ਵਿਖੇ ਰਾਜੀਨਾਵਾਂ ਹੋ ਗਿਆ, ਪਰ ਦੋਸ਼ੀਆਂ ਵੱਲੋਂ ਰਾਜੀਨਾਵਾਂ ਕਰਨ ਦੇ ਬਾਅਦ ਵੀ ਕਾਨੂੰਨ ਦੀ ਉਲੰਘਣਾ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜੇਕਰ ਉਸ ਦਾ ਜਾ ਉਸ ਦੇ ਪਰਿਵਾਰ ਦੇ ਕਿਸੇ ਵੀ ਜੀਅ ਦਾ ਕੋਈ ਨੁਕਸਾਨ ਹੁੰਦਾ ਹੈ ਤਾਂ ਉੱਕਤ ਦੋਸ਼ੀ ਅਤੇ ਪੰਜਾਬ ਪੁਲਿਸ ਜ਼ਿੰਮੇਵਾਰ ਹੋਵੇਗੀ।
ਜਦ ਇਸ ਸਬੰਧੀ ਥਾਣਾ ਸਦਰ ਦੇ ਐੱਸ ਐੱਚ ਓ ਯਾਦਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਜ਼ਮੀਨ ਨੂੰ ਲੈ ਕੇ ਝਗੜਾ ਹੋਇਆ ਹੈ। ਫਿਲਹਾਲ ਪੁਲਿਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ ਅਤੇ ਤਫ਼ਤੀਸ਼ ਤੋਂ ਬਾਅਦ ਜੋ ਵੀ ਦੋਸ਼ੀ ਪਾਇਆ ਗਿਆ ਉਸ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।