ਤਰਨਤਾਰਨ: ਮੋਦੀ ਸਰਕਾਰ ਵੱਲੋਂ ਜਾਰੀ ਕੀਤੇ ਖੇਤੀ ਕਾਨੂੰਨਾਂ ਨੂੰ ਲੈ ਕੇ ਦੇਸ਼ ਭਰ ਦੇ ਕਿਸਾਨਾਂ ਵਿੱਚ ਰੋਸ ਹੈ, ਜਿਸਦੇ ਚੱਲਦੇ ਆਏ ਦਿਨ ਕਿਸਾਨਾਂ ਵੱਲੋਂ ਜਗ੍ਹਾ-ਜਗ੍ਹਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦਿਆਂ ਕਿਸਾਨਾਂ ਵੱਲੋਂ ਸਰਹੱਦੀ ਪਿੰਡ ਸੁਰਸਿੰਘ ਵਿਖੇ 26 ਜਨਵਰੀ ਨੂੰ ਦਿੱਲੀ ਵਿੱਚ ਕੀਤੇ ਜਾਣ ਵਾਲੇ ਟਰੈਕਟਰ ਮਾਰਚ ਵਜੋਂ ਰਿਹਸਲ ਟਰੈਕਟਰ ਰੋਸ ਰੈਲੀ ਕੱਢੀ ਗਈ, ਜਿਸ ਵਿੱਚ ਸੈਂਕੜੇ ਟਰੈਕਟਰਾਂ 'ਤੇ ਸਵਾਰ ਹਜ਼ਾਰਾਂ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ।
ਮਾਝੇ ਖੇਤਰ ’ਚੋਂ ਵੱਡੀ ਗਿਣਤੀ ’ਚ ਟਰੈਕਟਰ ਹੋਣਗੇ ਸ਼ਾਮਲ: ਗੁਰਦੇਵ ਸਿੰਘ
ਇਸ ਮੌਕੇ ਕਿਸਾਨ ਯੂਨੀਅਨ ਪੰਜਾਬ ਦੇ ਜਰਨਲ ਸਕੱਤਰ ਗੁਰਦੇਵ ਸਿੰਘ ਨੇ ਦੱਸਿਆ ਕਿ ਦੇਸ਼ ਭਰ ਦੇ ਕਿਸਾਨ ਪਿਛਲੇ ਲੰਮੇ ਸਮੇਂ ਤੋਂ ਦਿੱਲੀ ਧਰਨੇ 'ਤੇ ਬੈਠੇ ਹਨ, ਜਿਨ੍ਹਾਂ ਦੀ ਚੜ੍ਹਦੀ ਕਲਾ ਲਈ ਉਨ੍ਹਾਂ ਵੱਲੋਂ ਅੱਜ ਅਰਦਾਸ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਜਿਸ ਵਿੱਚ 26 ਜਨਵਰੀ ਨੂੰ ਦਿੱਲੀ ਵਿੱਚ ਟਰੈਕਟਰ ਰੋਸ ਕੱਢੀ ਜਾ ਰਹੀ ਉਸ ਵਿੱਚ ਮਾਝੇ ਤੋਂ ਵੱਡੀ ਗਿਣਤੀ ਵਿੱਚ ਟਰੈਕਟਰ ਸ਼ਾਮਿਲ ਹੋਣਗੇ।
ਬਾਬਾ ਬਿਧੀ ਚੰਦ ਸੰਪ੍ਰਦਾਇ ਨੇ ਕਿਸਾਨਾਂ ਦਾ ਕੀਤਾ ਸਮਰਥਨ
ਇਸ ਮੌਕੇ ਬਾਬਾ ਬਿਧੀ ਚੰਦ ਸੰਪਰਦਾਇ ਦੇ ਮੁਖੀ ਸੰਤ ਬਾਬਾ ਅਵਤਾਰ ਸਿੰਘ ਨੇ ਕਿਹਾ ਕਿ ਅੱਜ ਕਿਸਾਨੀ ਅੰਦੋਲਨ ਨੂੰ ਦੇਸ਼ ਭਰ ਦੇ ਨਾਲ ਵਿਦੇਸ਼ਾਂ ਵਿਚੋਂ ਵੀ ਸਮਰਥਨ ਮਿਲ ਰਿਹਾ ਹੈ। ਉਨ੍ਹਾਂ ਕਿਹਾ ਮੋਦੀ ਕਿਸਾਨਾਂ ਦੀ ਗੱਲ ਮੰਨਣ ਅਤੇ ਸੁਣਨ ਨੂੰ ਤਿਆਰ ਨਹੀਂ, ਜਿਸ ਕਰਕੇ ਕਿਸਾਨ ਸੰਘਰਸ਼ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਖੇਤੀ ਕਾਨੂੰਨ ਰੱਦ ਕਰਵਾਉਣ ਬਿਨਾਂ ਆਪਣੀ ਮੰਗ ਤੋਂ ਪਿੱਛੇ ਨਹੀਂ ਹੱਟਣਗੇ। ਉਨ੍ਹਾਂ ਕਿਹਾ ਕਿਸਾਨੀ ਸੰਘਰਸ਼ ਲਈ ਸੰਪਰਦਾਇ ਹਰ ਤਰ੍ਹਾਂ ਦਾ ਸਮਰਥਨ ਦਿੱਤਾ ਜਾਵੇਗਾ।