ਤਰਨਤਾਰਨ: ਨਸ਼ੇ ਦੀ ਓਵਰਡੋਜ਼ ਨਾਲ ਹੋਣ ਵਾਲੀਆਂ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ। ਲਗਾਤਾਰ ਪੰਜਾਬ ਵਿੱਚ ਨੌਜਵਾਨ ਨਸ਼ੇ ਦੀ ਭੇਂਟ ਚੜ੍ਹ ਦੇ ਜਾ ਰਹੇ ਹਨ ਅਤੇ ਸਰਕਾਰ ਨਸ਼ੇ ਤੇ ਨਕੇਲ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਹੈ ਤਰਨਤਾਰਨ ਦੇ ਪੱਟੀ ਵਿਧਾਨ ਸਭਾ ਹਲਕੇ ਦੇ ਪਿੰਡ ਬਰਵਾਲਾ ਦਾ, ਜਿਥੇ 30 ਸਾਲਾ ਨੌਜਵਾਨ ਗੁਰਸੇਵਕ ਸਿੰਘ ਨੂੰ ਨਸ਼ੇ ਰੁਪੀ ਦੈਤ ਨੇ ਨਿਗਲ ਲਿਆ।
ਇਸ ਮੌਕੇ ਮ੍ਰਿਤਕ ਦੀ ਪਤਨੀ ਪ੍ਰੀਤ ਕੌਰ ਨੇ ਪਿੰਡ ਦੇ ਹੀ ਗੁਰਮੀਤ ਸਿੰਘ ਨਾਂਅ ਦੇ ਵਿਅਕਤੀ 'ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਉਸ ਵੱਲੋਂ ਗੁਰਸੇਵਕ ਸਿੰਘ ਨੂੰ ਘਰ ਤੋਂ ਬਾਹਰ ਬੁਲਾ ਕੇ ਨਸ਼ਾ ਕਰਵਾਇਆ ਜਾਂਦਾ ਸੀ ਅਤੇ ਘਟਨਾ ਵੇਲੇ ਉਸ ਵੱਲੋਂ ਇਸ ਨੂੰ ਨਸ਼ੇ ਦਾ ਟੀਕਾ ਲਗਾਇਆ ਗਿਆ, ਜਿਸ ਦੇ ਚਲਦਿਆਂ ਉਸ ਦੀ ਮੌਤ ਹੋ ਗਈ।
ਪਿੰਡ ਦੇ ਸਰਪੰਚ ਹਰਜਿੰਦਰ ਸਿੰਘ ਨੇ ਕਿਹਾ ਕਿ ਪਿੰਡ ਬਰਵਾਲਾ ਵਿੱਚ ਲਗਾਤਾਰ ਨਸ਼ੇ ਨਾਲ ਮੌਤਾਂ ਹੋ ਰਹੀਆਂ ਹਨ। ਸਰਕਾਰ ਅਤੇ ਪੁਲੀਸ ਪ੍ਰਸ਼ਾਸਨ ਇਸ ਪਾਸੇ ਕੋਈ ਧਿਆਨ ਨਹੀਂ ਦੇ ਰਿਹਾ। ਉਨ੍ਹਾਂ ਕਿਹਾ ਕਿ ਇੱਕ ਹਫ਼ਤੇ ਵਿੱਚ ਨਸ਼ੇ ਕਾਰਨ ਇਸ ਪਿੰਡ ਵਿੱਚ ਇਹ ਦੂਜੀ ਮੌਤ ਹੋਈ ਹੈ ਪਰ ਪ੍ਰਸ਼ਾਸਨ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕ ਰਹੀ।
ਉਨ੍ਹਾਂ ਕਿਹਾ ਕਿ ਪਿੰਡ ਵਿੱਚ ਨਸ਼ਾ ਸ਼ਰੇਆਮ ਵਿੱਕ ਰਿਹਾ ਹੈ ਪਰ ਪੁਲੀਸ ਕੁਝ ਨਹੀਂ ਕਰ ਰਹੀ। ਸਰਪੰਚ ਨੇ ਸਰਕਾਰ ਕੋਲੋਂ ਮੰਗ ਕੀਤੀ ਕਿ ਮ੍ਰਿਤਕ ਦੇ ਪਰਿਵਾਰ ਦੀ ਸਰਕਾਰ ਮਦਦ ਕਰੇ।
ਇਸ ਬਾਬਤ ਜਦੋਂ ਥਾਣਾ ਸਦਰ ਪੱਟੀ ਦੇ ਐੱਸਐੱਚਓ ਪ੍ਰਭਜੀਤ ਸਿੰਘ ਕੋਲੋਂ ਜਾਣਕਾਰੀ ਲੈਣ ਲਈ ਬਾਰ-ਬਾਰ ਫੋਨ ਕੀਤਾ ਗਿਆ ਤਾਂ ਉਨ੍ਹਾਂ ਫੋਨ ਚੁੱਕਣਾ ਮੁਨਾਸਿਬ ਨਹੀਂ ਸਮਝਿਆ।