ਤਰਨ ਤਾਰਨ: ਜ਼ਿਲ੍ਹੇ ਅਧੀਨ ਆਉਂਦੇ ਪਿੰਡ ਵੜਿੰਗ ਸੂਬਾ ਵਿਖੇ ਇਕ ਵਿਅਕਤੀ ਨਾਲ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਅਤੇ ਉਸ ਨੂੰ ਮੌਤ ਦੇ ਘਾਟ ਉਤਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਚਰਨਜੀਤ ਸਿੰਘ, ਉਮਰ 35 ਸਾਲ ਪੁੱਤਰ ਪਿਆਰਾ ਸਿੰਘ ਵਜੋਂ ਹੋਈ ਹੈ। ਮ੍ਰਿਤਕ ਦੇ ਪਿਤਾ ਨੇ ਗੁਆਂਢ ਵਿੱਚ ਰਹਿੰਦੇ ਵਿਅਕਤੀ ਉੱਤੇ ਕਤਲ ਕਰਨ ਦੇ ਇਲਜ਼ਾਮ ਲਾਏ ਹਨ।
ਨਾਜਾਇਜ਼ ਸਬੰਧਾਂ ਦਾ ਸ਼ੱਕ : ਮ੍ਰਿਤਕ ਚਰਨਜੀਤ ਸਿੰਘ ਦੇ ਪਿਤਾ ਜਸਵੰਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਗੁਆਂਢ ਵਿੱਚ ਰਹਿੰਦੇ ਇਕ ਵਿਅਕਤੀ ਵੱਲੋਂ ਕੁਝ ਹੋਰ ਲੋਕਾਂ ਨਾਲ ਮਿਲ ਕੇ ਚਰਨਜੀਤ ਦੀ ਘਰ ਵਿੱਚ ਦਾਖ਼ਲ ਹੋ ਕੇ ਕੁੱਟਮਾਰ ਕੀਤੀ ਗਈ ਹੈ। ਜਿਸ ਕਰਕੇ ਉਸ ਦੀ ਮੌਤ ਹੋ ਗਈ ਹੈ। ਚਰਨਜੀਤ ਸਿੰਘ ਦੀ ਪਤਨੀ ਸ਼ਰਨਜੀਤ ਕੌਰ ਨੇ ਵੀ ਦੱਸਿਆ ਕਿ ਉਨ੍ਹਾਂ ਦਾ ਪਤੀ ਚਰਨਜੀਤ ਸਿੰਘ ਉਸ ਦੇ ਉੱਪਰ ਸ਼ੱਕ ਕਰਦਾ ਸੀ ਤੇ ਗੁਆਂਢੀ ਨਾਲ ਗ਼ਲਤ ਸਬੰਧ ਹੋਣ ਬਾਰੇ ਅਕਸਰ ਕਹਿੰਦਾ ਸੀ ਜਿਸ ਕਰਕੇ ਗੁਆਂਢੀਆਂ ਵੱਲੋਂ ਉਸ ਦੀ ਘਰ ਆ ਕੇ ਕੁੱਟਮਾਰ ਕੀਤੀ ਗਈ ਤੇ ਉਸ ਦੀ ਮੌਤ ਹੋ ਗਈ। ਉੱਥੇ ਹੀ, ਮ੍ਰਿਤਕ ਦੇ ਪੁੱਤਰ ਲਵਪ੍ਰੀਤ ਸਿੰਘ ਨੇ ਵੀ ਦੱਸਿਆ ਕਿ ਉਸ ਦਾ ਪਿਤਾ ਅਕਸਰ ਉਸ ਮਾਂ ਦੇ ਗੁਆਂਢ ਵਿੱਚ ਰਹਿਣ ਵਾਲੇ ਵਿਅਕਤੀ ਨਾਲ ਗ਼ਲਤ ਸਬੰਧ ਹੋਣ ਬਾਰੇ ਕਹਿੰਦਾ ਸੀ ਜਿਸ ਕਾਰਨ ਉਨ੍ਹਾਂ ਮੋਟੇ ਸੋਟੇ ਨਾਲ ਘਰ ਅੰਦਰ ਦਾਖਲ ਹੋ ਕੇ ਪਿਤਾ ਉੱਤੇ ਕਈ ਵਾਰ ਕੀਤੇ। ਇਸ ਤੋਂ ਬਾਅਦ ਪਿਤਾ ਦੀ ਮੌਤ ਹੋ ਗਈ।
ਚੌਂਕੀ ਖਡੂਰ ਸਾਹਿਬ ਦੇ ਇੰਚਾਰਜ ਜਤਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਮ੍ਰਿਤਕ ਦੀ ਪਤਨੀ ਵੱਲੋਂ ਪਹਿਲਾਂ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਕਿ ਉਨ੍ਹਾਂ ਦੇ ਪਤੀ ਜੋ ਸ਼ਰਾਬ ਪੀਣ ਦਾ ਆਦੀ ਹੈ, ਉਸ ਦੀ ਭੇਦ ਭਰੇ ਹਲਾਤਾਂ ਵਿੱਚ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਕੰਟਰੋਲ ਰੂਮ ਤੋਂ ਫੋਨ ਆਇਆ ਸੀ ਕਿ ਮਾਮਲਾ ਸ਼ੱਕੀ ਹੈ। ਉਨ੍ਹਾਂ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾ ਕੇ 174 ਦੀ ਕਾਰਵਾਈ ਕੀਤੀ ਗਈ ਹੈ, ਜੋ ਵੀ ਪੋਸਟਮਾਰਟਮ ਰਿਪੋਰਟ ਵਿੱਚ ਮੌਤ ਦੇ ਕਾਰਨ ਸਾਹਮਣੇ ਆਉਣਗੇ, ਉਸ ਮੁਤਾਬਿਕ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।