ਤਰਨਤਾਰਨ: ਬੀਤੇ ਦਿਨੀਂ ਪਿੰਡ ਝਬਾਲ ਦੇ ਨੇੜੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਕੋਲੋਂ 7 ਲੱਖ 23 ਹਜ਼ਾਰ ਦੀ ਨਕਦੀ ਲੁੱਟਣ ਵਾਲੇ 2 ਨੌਜਵਾਨਾਂ ਨੂੰ ਪੁਲਿਸ ਨੇ ਨਕਦੀ ਤੇ 500 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਲਿਆ ਹੈ। ਦੋਸ਼ੀਆਂ ਦੀ ਪਛਾਣ ਮਨਜੂਰ ਮਸੀਹ ਅਤੇ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।
ਇਸ ਬਾਰੇ ਐੱਸਪੀਡੀ ਹਰਜੀਤ ਸਿੰਘ ਨੇ ਦੱਸਿਆ ਕਿ ਡੀਐੱਸਪੀ ਤਰਨਤਾਰਨ ਤੇ ਥਾਣਾ ਝਬਾਲ ਦੀ ਪੁਲਿਸ ਵੱਲੋਂ ਇਸ ਮਾਮਲੇ ਨੂੰ ਸੁਲਝਾਇਆ ਗਿਆ। ਉਨ੍ਹਾਂ ਦੱਸਿਆ ਕਿ ਪਿੰਡ ਝਬਾਲ ਨੇੜੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਕੋਲੋਂ ਲੁੱਟ-ਖੋਹ ਕਰਨ ਬਾਰੇ ਜਾਣਕਾਰੀ ਮਿਲੀ ਸੀ। ਇਸ ਤੋਂ ਬਾਅਦ ਮਾਮਲੇ ਦੀ ਜਾਂਚ ਕਰਨ 'ਤੇ ਸਾਹਮਣੇ ਆਇਆ ਕਿ ਇਸ ਘਟਨਾ ਨੂੰ ਉਸ ਵੇਲੇ ਅੰਜਾਮ ਦਿੱਤਾ ਗਿਆ ਜਦੋਂ ਪੈਟਰੋਲ ਪੰਪ ਮੁਲਾਜ਼ਮ ਪੈਸੇ ਜਮ੍ਹਾ ਕਰਵਾਉਣ ਜਾ ਰਹੇ ਸਨ ਉਦੋਂ 2 ਨੌਜਵਾਨ ਮਗਰੋਂ ਆਏ ਤੇ 7 ਲੱਖ 23 ਹਜ਼ਾਰ ਲੁੱਟ ਕੇ ਫ਼ਰਾਰ ਹੋ ਗਏ।
ਇਹ ਵੀ ਪੜ੍ਹੋ: ਲੁਧਿਆਣਾ ਦੇ ਸਨਅਤਕਾਰਾਂ ਨੂੰ 2019 ਦੇ ਬਜਟ ਤੋਂ ਖ਼ਾਸ ਉਮੀਦਾਂ
ਪੁਲਿਸ ਨੇ ਦੱਸਿਆ ਕਿ ਇਨ੍ਹਾਂ 'ਚੋਂ ਇੱਕ ਦੋਸ਼ੀ ਕੋਲੋਂ 4 ਲੱਖ 28 ਹਜ਼ਾਰ ਨਗ਼ਦੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਦੂਜਾ ਦੋਸ਼ੀ ਮਨਜੂਰ ਮਸੀਹ ਡਰੱਗਸ ਦਾ ਕੰਮ ਕਰਦਾ ਸੀ ਜਿਸ ਕੋਲੋਂ 500 ਗ੍ਰਾਮ ਹੈਰੋਇਨ ਬਰਾਮਦ ਕੀਤੀ। ਪੁਲਿਸ ਨੇ ਦੋਹਾਂ ਦੋਸ਼ੀਆਂ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।