ਤਰਨ ਤਾਰਨ: ਜ਼ਿਲ੍ਹੇ ਦੇ ਪਿੰਡ ਸੁਹਾਵਾ ਦੇ ਲੋਕਾਂ ਨੇ ਕਰਫਿਊ ਦੌਰਾਨ ਸਰਕਾਰੀ ਮਦਦ ਨਾ ਪਹੁੰਚ ਤੋਂ ਰੋਸ ਵਿੱਚ ਆ ਕੇ ਸੂਬਾ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀਆਂ ਨੇ ਸਰਕਾਰ 'ਤੇ ਇਲਜ਼ਾਮ ਲਗਾਇਆ ਕਿ ਹਾਲੇ ਤੱਕ ਪ੍ਰਸ਼ਾਸਨ ਨੇ ਉਨ੍ਹਾਂ ਦੀ ਕਿਸੇ ਵੀ ਪ੍ਰਕਾਰ ਦੀ ਮਦਦ ਨਹੀਂ ਕੀਤੀ ਹੈ।
ਪਿੰਡ ਵਾਸੀਆਂ ਨੇ ਦੱਸਿਆ ਕਿ ਕੋਰੋਨਾ ਵਾਇਰਸ ਤੋਂ ਤਾਂ ਪਤਾ ਨਹੀਂ ਪਰ ਉਨ੍ਹਾਂ ਨੂੰ ਭੁੱਖ ਜ਼ਰੂਰ ਮਾਰ ਦੇਵੇਗੀ। ਪਿੰਡ ਵਾਸੀਆਂ ਨੇ ਕਿਹਾ ਕਿ ਉਸ ਸਾਰੇ ਮਜ਼ਦੂਰ ਅਤੇ ਦਿਹਾੜੀਦਾਰ ਕਾਮੇ ਹਨ, ਜਿਸ ਕਾਰਨ ਹੁਣ ਉਨ੍ਹਾਂ ਦੇ ਘਰਾਂ ਵਿੱਚ ਰਾਸ਼ਨ ਤੇ ਜ਼ਰੂਰਤ ਦੀਆਂ ਵਸਤੂਆਂ ਖ਼ਤਮ ਹੋ ਚੁੱਕੀਆਂ ਹਨ। ਉਨ੍ਹਾਂ ਨੂੰ ਭਾਰੀ ਦਿੱਕਤਾਂ ਆ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਜੇਕਰ ਉਹ ਲੰਗਰ ਖਾਣ ਲਈ ਵੀ ਜਾਂਦੇ ਹਨ ਤਾਂ ਉਨ੍ਹਾਂ ਨੂੰ ਰੋਕਿਆ ਜਾਂਦਾ ਹੈ ਤੇ ਪੁਲਿਸ ਤੰਗ ਪ੍ਰੇਸ਼ਾਨ ਕਰਦੀ ਹੈ। ਉਨ੍ਹਾਂ ਦੱਸਿਆ ਕਿ ਪਿੰਡ ਦੇ ਸਰਪੰਚ ਨੇ ਇੱਕ ਵਾਰ ਹੀ ਰਾਸ਼ਨ ਮੁਹੱਈਆ ਕਰਵਾਇਆ ਹੈ।
ਇਸ ਬਾਰੇ ਐੱਸਡੀਐੱਮ ਰਜਨੀਸ਼ ਅਰੋੜਾ ਨੇ ਦੱਸਿਆ ਕਿ ਪ੍ਰਸ਼ਾਸਨ ਇਸ ਬਾਰੇ ਕੋਸ਼ਿਸ਼ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਦੀ ਪੰਚਾਇਤ ਨੂੰ ਅਧਿਕਾਰ ਦਿੱਤੇ ਗਏ ਹਨ ਕਿ ਉਹ ਲੋੜਵੰਦਾਂ 'ਤੇ ਖ਼ਰਚ ਕਰ ਸਕਦੀ ਹੈ। ਜੇਕਰ ਕਿਸੇ ਨੂੰ ਫਿਰ ਵੀ ਦਿੱਕਤ ਆਉਂਦੀ ਹੈ ਤਾਂ ਇਸ ਦਾ ਹੱਲ ਕੀਤਾ ਜਾਵੇਗਾ।