ਤਰਨ ਤਾਰਨ : ਬੀਤੇ ਦਿਨੀਂ ਭਿੱਖੀਵਿੰਡ ਨੇੜੇ ਪਹੂਵਿੰਡ ਦੇ ਤਿੰਨ ਬੱਚਿਆਂ ਦੀ ਨਗਰ ਕੀਰਤਨ ਦੌਰਾਨ ਹੋਏ ਧਮਾਕੇ ਦੇ ਕਾਰਨ ਦਰਦਨਾਕ ਮੌਤ ਹੋ ਗਈ ਸੀ। ਇਸ ਹਾਦਸੇ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਪੀੜਤ ਪਰਿਵਾਰਾਂ ਲਈ ਮਦਦ ਦਾ ਐਲਾਨ ਕੀਤਾ ਗਿਆ ਸੀ। ਇਸ ਦੇ ਨਾਲ ਹੀ ਹੁਣ ਪੀੜਤ ਪਰਿਵਾਰਾਂ ਨੇ ਸਰਕਾਰ ਤੋਂ ਉਨ੍ਹਾਂ ਦੇ ਘਰਾਂ ਦੀ ਹਾਲਤ ਨੂੰ ਵੇਖਦੇ ਹੋਏ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕੀਤੀ ਹੈ। ਪੀੜਤ ਪਰਿਵਾਰਾਂ ਵੱਲੋਂ ਇਸ ਘਟਨਾ ਦੀ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ ।
ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਮ੍ਰਿਤਕ ਮਨਦੀਪ ਸਿੰਘ ਦੇ ਪਿਤਾ ਵਜ਼ੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਇੱਕੋ ਇੱਕ ਸਹਾਰਾ ਮਨਦੀਪ ਸਿੰਘ ਹੀ ਸੀ। ਜੋ ਇਸ ਦੁਨੀਆ ਤੋਂ ਜਾ ਚੁੱਕਿਆ ਹੈ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪਰਿਵਾਰ ਨੂੰ ਮਾਲੀ ਮਦਦ ਦੇ ਨਾਲ ਨਾਲ ਘਰ ਦੇ ਕਿਸੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਵੀ ਦਿੱਤੀ ਜਾਵੇ। ਇਸੇ ਨਾਲ ਹੀ ਉਨ੍ਹਾਂ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਵੀ ਮੰਗ ਕੀਤੀ ਹੈ।
ਇਸੇ ਤਰ੍ਹਾਂ ਹੀ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਚਾਚਾ ਹਰਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਪਹਿਲਾਂ ਹੀ ਅਧਰੰਗ ਦੀ ਬਿਮਾਰੀ ਦਾ ਸ਼ਿਕਾਰ ਹਨ , ਜਿਸ ਕਰਕੇ ਉਨ੍ਹਾਂ ਦੇ ਪਰਿਵਾਰ ਦਾ ਗੁਜਾਰਾ ਬਹੁਤ ਹੀ ਮੁਸ਼ਕਿਲ ਹੋ ਚੁੱਕਿਆ ਹੈ। ਉਨ੍ਹਾਂ ਵੀ ਸਰਕਾਰ ਤੋਂ ਘਰ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪਰਿਵਾਰ ਦੇ ਇੱਕ ਜੀਅ ਲਈ ਸਰਕਾਰੀ ਨੌਕਰੀ ਦੇਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : JCC ਨੇ ਜਾਰੀ ਕੀਤਾ 15 ਦਸੰਬਰ ਦਾ ਵੀਡੀਓ, ਵਿਦਿਆਰਥੀਆਂ ਨੂੰ ਡੰਡੇ ਮਾਰਦੀ ਨਜ਼ਰ ਆਈ ਪੁਲਿਸ
ਮ੍ਰਿਤਕ ਗੁਰਕੀਤਰ ਸਿੰਘ ਦੇ ਚਚੇਰੇ ਭਰਾ ਕੁਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਨੂੰ ਇਸ ਘਟਨਾ ਦੀ ਉੱਚ ਪੱਧਰੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸੇ ਨਾਲ ਹੀ ਉਨ੍ਹਾਂ ਆਖਿਆਂ ਕਿ ਉਨ੍ਹਾਂ ਦੇ ਪਰਿਵਾਰਾਂ ਦੀ ਸਥਿਤੀ ਨੂੰ ਧਿਆਨ ਵਿੱਚ ਰੱਖ ਸਰਕਾਰ ਵੱਲੋਂ ਪਰਿਵਾਰ ਦੇ ਕਿਸੇ ਇੱਕ ਯੋਗ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇ।