ਤਰਨਤਾਰਨ: ਪੱਟੀ 'ਚ ਇੱਕ ਨਿੱਜੀ ਹਸਪਤਾਲ ਵਿਚ ਡਿਲੀਵਰੀ ਲਈ ਲਿਆਂਦੀ ਗਈ ਗਰਭਵਤੀ ਮਹਿਲਾ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਪ੍ਰਬੰਧਕਾਂ ਅਤੇ ਸਟਾਫ਼ 'ਤੇ ਅਣਗਹਿਲੀ ਦੇ ਦੋਸ਼ ਲਗਾਏ ਅਤੇ ਡਾਕਟਰਾਂ ਵਿਰੁੱਧ ਨਾਅਰੇਬਾਜ਼ੀ ਕੀਤੀ।
ਇਸ ਸਬੰਧੀ ਮ੍ਰਿਤਕਾ ਦੇ ਪਤੀ ਸਿਮਰਜੀਤ ਸਿੰਘ ਨੇ ਦੱਸਿਆ ਕਿ ਉਸ ਦੀ ਪਤਨੀ ਦਾ ਪਿਛਲੇ ਨੌਂ ਮਹੀਨਿਆਂ ਤੋਂ ਨਿੱਜੀ ਹਸਪਤਾਲ ਵਿਚ ਇਲਾਜ ਚੱਲਦਾ ਆ ਰਿਹਾ ਸੀ ਜਦੋਂ ਉਹ ਉਸ ਨੂੰ ਡਲੀਵਰੀ ਲਈ ਲੈ ਕੇ ਆਏ ਤਾਂ ਕੁੱਝ ਦੇਰ ਬਾਅਦ ਹੀ ਡਾਕਟਰਾਂ ਨੇ ਉਸ ਦੀ ਜਾਂਚ ਕਰਨੀ ਚਾਹੀ ਤਾਂ ਉਨ੍ਹਾਂ ਗਰਭਵਤੀ ਮਹਿਲਾ ਦੀ ਹਾਲਤ ਠੀਕ ਨਾ ਲੱਗਣ ਕਰਕੇ ਉਸ ਨੂੰ ਦੂਜੇ ਹਸਪਤਾਲ ਰੈਫ਼ਰ ਕਰ ਦਿੱਤਾ ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਇਹ ਵੀ ਪੜ੍ਹੋ:ਲਾਊਡ ਸਪੀਕਰ ਵਜਾਉਣ 'ਤੇ ਹਾਈਕੋਰਟ ਵੱਲੋਂ ਨਵੇਂ ਨਿਰਦੇਸ਼ ਜਾਰੀ
ਪਰਿਵਾਰਕ ਮੈਂਬਰਾਂ ਨੇ ਜਦੋਂ ਇਲਾਜ ਕਰਨ ਵਾਲੀ ਮਹਿਲਾ ਡਾਕਟਰ ਗਗਨਦੀਪ ਕੌਰ ਨੂੰ ਕਾਰਨ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਲਖਵਿੰਦਰ ਕੌਰ ਨੂੰ ਮਿਰਗੀ ਦੇ ਦੌਰੇ ਪੈਂਦੇ ਸਨ ਅਤੇ ਹਸਪਤਾਲ ਆਉਣ ਤੋਂ ਪਹਿਲਾਂ ਹੀ ਉਸ ਦੀ ਦੌਰਾ ਪੈਣ ਕਾਰਨ ਮੌਤ ਹੋ ਚੁੱਕੀ ਸੀ।
ਮੌਕੇ ਤੇ ਪੁੱਜੇ ਥਾਣਾ ਪੱਟੀ ਦੇ ਐੱਸਐੱਚਓ ਭੁਪਿੰਦਰ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰ ਮ੍ਰਿਤਕਾ ਦਾ ਪੋਸਟਮਾਰਟਮ ਕਰਵਾਉਣਾ ਚਾਉਂਦੇ ਹਨ। ਮਹਿਲਾ ਦੀ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਤਰਨਤਾਰਨ ਭੇਜ ਦਿੱਤਾ ਗਿਆ ਹੈ ਅਤੇ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।