ਤਰਨ ਤਾਰਨ: ਤਰਨ ਤਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅਰਦਾਸ ਐਵਨਿਊ ਇਲਾਕੇ 'ਚ ਸਥਿਤ ਪੰਜਾਬ ਚਿਲਡਰਨ ਅਕੈਡਮੀ ਨੂੰ ਆਈਸੋਲੇਸ਼ਨ ਸੈਂਟਰ ਬਣਾਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਜਿਸ ਦਾ ਇਲਾਕਾ ਵਾਸੀਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।
ਚਿਲਡਰਨ ਅਕੈਡਮੀ ਦੇ ਬਾਹਰ ਇੱਕਠੇ ਹੋ ਲੋਕਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਗਟਾਉਂਦੇ ਹੋਏ ਇਲਾਕਾ ਵਾਸੀਆਂ ਵੱਲੋਂ ਪ੍ਰਸ਼ਾਸਨਿਕ ਅਧਿਕਾਰੀਆਂ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ ਹੈ।
ਇਸ ਬਾਰੇ ਜਦ ਈਟੀਵੀ ਭਾਰਤ ਦੀ ਟੀਮ ਨੇ ਇਲਾਕਾ ਵਾਸੀਆਂ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਚਿਲਡਰਨ ਅਕੈਡਮੀ 'ਚ ਆਈਸੋਲੇਸ਼ਨ ਸੈਂਟਰ ਬਣਾਉਣਾ ਗ਼ਲਤ ਫੈਸਲਾ ਹੈ। ਕਿਉਂਕਿ ਵੱਡੀ ਗਿਣਤੀ 'ਚ ਇੱਥੇ ਬੱਚੇ ਪੜ੍ਹਦੇ ਹਨ ਤੇ ਇਹ ਇੱਕ ਰਿਹਾਇਸ਼ੀ ਇਲਾਕਾ ਹੈ। ਇੱਥੇ ਤਕਰੀਬਨ 2 ਤੋਂ 3 ਹਜ਼ਾਰ ਲੋਕ ਰਹਿੰਦੇ ਹਨ। ਉਨ੍ਹਾਂ ਆਖਿਆ ਕਿ ਕੋਰੋਨਾ ਵਾਇਰਸ ਨੂੰ ਲੈ ਕੇ ਪਹਿਲਾਂ ਹੀ ਲੋਕਾਂ 'ਚ ਡਰ ਤੇ ਸਹਿਮ ਦਾ ਮਾਹੌਲ ਹੈ। ਜਿਸ ਦੇ ਚਲਦੇ ਇੱਥੇ ਆਈਸੋਲੇਸ਼ਨ ਬਣਾਉਣਾ ਗ਼ਲਤ ਫੈਸਲਾ ਹੈ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕਰਦਿਆਂ ਕਿਹਾ ਕਿ ਇੱਥੇ ਆਈਸੋਲੇਸ਼ਨ ਵਾਰਡ ਤਿਆਰ ਕਰਨ ਨਾਲ ਵੱਡੀ ਗਿਣਤੀ 'ਚ ਇੱਥੇ ਲੋਕ ਕੋਰੋਨਾ ਵਾਇਰਸ ਦੇ ਸ਼ਿਕਾਰ ਹੋ ਸਕਦੇ ਹਨ।