ਖਡੂਰ ਸਾਹਿਬ: ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਪਿੱਛੋ ਨਜਾਇਜ਼ ਸ਼ਰਾਬ ਦੀ ਵਿਕਰੀ ਵਿੱਚ ਖਡੂਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਰਮਨਜੀਤ ਸਿੱਕੀ ਅਤੇ ਪੀ.ਏ. ਜਰਮਨਜੀਤ ਸਿੰਘ ਕੰਗ ਵਿਰੁੱਧ ਕਾਰਵਾਈ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਵੱਲੋਂ ਵਿਧਾਇਕ ਦੀ ਰੈਸ਼ੀਆਨਾ ਸਥਿਤ ਰਿਹਾਇਸ਼ ਦਾ ਘਿਰਾਓ ਕੀਤਾ ਗਿਆ। ਅਕਾਲੀ ਆਗੂਆਂ ਨੇ ਸਿੱਕੀ ਅਤੇ ਜਰਮਨ ਕੰਗ ਵਿਰੁੱਧ ਮਾਮਲਾ ਦਰਜ ਕਰਨ ਦੀ ਮੰਗ ਵੀ ਕੀਤੀ।
ਜ਼ਿਕਰਯੋਗ ਹੈ ਕਿ ਜ਼ਹਿਰੀਲੀ ਸ਼ਰਾਬ ਨਾਲ ਤਰਨ ਤਾਰਨ ਜ਼ਿਲ੍ਹੇ ਵਿੱਚ 80 ਤੋਂ ਵੱਧ ਮੌਤਾਂ ਹੋਈਆਂ ਹਨ, ਜਿਨ੍ਹਾਂ ਵਿੱਚ ਸਭ ਤੋਂ ਵੱਧ ਮੌਤਾਂ ਵੀ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿੱਚ ਹੋਈਆਂ ਹਨ।
ਹਲਕਾ ਵਿਧਾਇਕ ਸਿੱਕੀ ਅਤੇ ਉਸ ਦੇ ਪੀ.ਏ. ਦਾ ਮਾਮਲੇ 'ਚ ਨਾਂਅ ਆਉਣ 'ਤੇ ਪੀੜਤ ਪਰਿਵਾਰਾਂ ਨੇ ਉਨ੍ਹਾਂ ਵਿਰੁੱਧ ਤਰਨ ਤਾਰਨ ਦੇ ਥਾਣਾ ਸਦਰ ਵਿੱਚ ਬਿਆਨ ਵੀ ਦਰਜ ਕਰਵਾਏ ਹਨ, ਪਰ ਪੁਲਿਸ ਵੱਲੋਂ ਹਾਲੇ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਪੀੜਤ ਪਰਿਵਾਰਾਂ ਨੂੰ ਨਿਆਂ ਦਵਾਉਣ ਦੇ ਮਕਸਦ ਨਾਲ ਜ਼ਿਲ੍ਹਾ ਪ੍ਰਧਾਨ ਪ੍ਰੋ. ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਵਿਧਾਇਕ ਰਮਨਜੀਤ ਸਿੰਘ ਸਿੱਕੀ ਦੀ ਪਿੰਡ ਰੈਸ਼ੀਆਨਾ ਸਥਿਤ ਕੋਠੀ ਦਾ ਘਿਰਾਓ ਕੀਤਾ। ਅਕਾਲੀ ਵਰਕਰਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਸਿੱਕੀ ਵਿਰੁੱਧ ਭਰਵੀਂ ਨਾਅਰੇਬਾਜ਼ੀ ਵੀ ਕੀਤੀ।
ਅਕਾਲੀ ਆਗੂ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਸਿੱਕੀ ਅਤੇ ਉਸ ਦੇ ਪੀ.ਏ. 'ਤੇ ਨਜਾਇਜ ਸ਼ਰਾਬ ਦਾ ਕਾਰੋਬਾਰ ਦੇ ਦੋਸ਼ ਲਾਉਂਦਿਆਂ ਉਨ੍ਹਾਂ ਵਿਰੁੱਧ ਕਤਲ ਦਾ ਮੁਕੱਦਮਾ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਨਾਲ ਐੱਸਜੀਪੀਸੀ ਸਾਬਕਾ ਕਾਰਜਕਾਰੀ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਅਕਾਲੀ ਆਗੂ ਇਕਬਾਲ ਸਿੰਘ ਸੰਧੂ ਅਤੇ ਹੋਰ ਵੀ ਪ੍ਰਦਰਸ਼ਨ ਵਿੱਚ ਸ਼ਾਮਲ ਸਨ।