ਬਰਨਾਲਾ: ਤਰਨ ਤਾਰਨ ਦੇ ਪਿੰਡ ਗੰਡੀਵਿੰਡ ਵਿੱਚ ਜੁਲਾਈ ਮਹੀਨੇ 7 ਸਾਲ ਦੀ ਇੱਕ ਬੱਚੀ ਨਾਲ ਜਬਰ ਜਨਾਹ ਕਰ ਉਸ ਦਾ ਕਤਲ ਕਰ ਦਿੱਤਾ ਗਿਆ ਸੀ ਜਿਸ ਨੂੰ ਅਜੇ ਤੱਕ ਇਨਸਾਫ਼ ਨਹੀਂ ਮਿਲਿਆ ਹੈ। ਇਸ ਨੂੰ ਲੈ ਕੇ ਯੂਕੇ ਕਿਸਾਨ ਯੂਨੀਅਨ ਵੱਲੋਂ ਕੈਪਟਨ ਸਰਕਾਰ ਦਾ ਪੁਤਲਾ ਫੂਕ ਨਾਅਰੇਬਾਜ਼ੀ ਕਰ ਰੋਸ ਪ੍ਰਦਰਸ਼ਨ ਕੀਤਾ ਗਿਆ।
ਯੂਕੇ ਕਿਸਾਨ ਯੂਨੀਅਨ ਦੇ ਜਨਰਲ ਸਕੱਤਰ ਪਰਮਜੀਤ ਸਿੰਘ ਸੇਖੋਂ ਨੇ ਕਿਹਾ ਕਿ 29 ਜੁਲਾਈ ਨੂੰ ਤਰਨ ਤਾਰਨ ਦੇ ਪਿੰਡ ਗੰਡੀਵਿੰਡ ਵਿਖੇ ਕੁਝ ਵਿਅਕਤੀਆ ਨੇ ਸੱਤ ਸਾਲਾ ਬੱਚੀ ਨੂੰ ਅਗਵਾ ਕਰ ਉਸ ਨਾਲ ਜਬਰ ਜਨਾਹ ਕਰ ਉਸ ਦਾ ਕਤਲ ਕਰ ਦਿੱਤਾ ਸੀ। ਇਸ ਦੇ ਸਬੰਧ ਵਿੱਚ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਰਾਏ ਅਮਾਨਤ ਖ਼ਾ ਵਿੱਖੇ 5 ਵਿਅਕਤੀਆਂ ਦੀ ਸ਼ਨਾਖਤ ਕਰ ਪਰਚਾ ਦਰਜ ਕੀਤਾ ਗਿਆ ਸੀ ਪਰ ਪੁਲਿਸ ਵੱਲੋਂ ਇੱਕ ਨਾਬਾਲਗ ਦੋਸ਼ੀ ਨੂੰ ਛੱਡ ਬਾਕੀ ਚਾਰ ਦੋਸ਼ੀਆਂ ਨੂੰ ਬਚਾਉਂਦਿਆਂ ਛੱਡ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਨਾਬਾਲਗ ਦੇ ਪਰਿਵਾਰ ਨੂੰ ਇਨਸਾਫ ਦਿਵਾਉਣ ਅਤੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਦੇ ਲਈ ਸਰਕਾਰ ਖ਼ਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਉਹ ਇਸ ਮਾਮਲੇ 'ਚ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਨੂੰ ਇਸ ਸਬੰਧੀ ਮੰਗ ਪੱਤਰ ਵੀ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਨਾਬਾਲਗ ਦੇ ਪਰਿਵਾਰ ਨੂੰ ਇਨਸਾਫ਼ ਨਹੀਂ ਮਿਲਦਾ ਅਤੇ ਦੋਸ਼ੀਆਂ ਨੂੰ ਸਜ਼ਾ ਨਹੀਂ ਮਿਲਦੀ ਤਾਂ ਉਨ੍ਹਾਂ ਵੱਲੋਂ ਪੰਜਾਬ ਪੱਧਰ ਉੱਤੇ ਵੱਖ-ਵੱਖ ਜਥੇਬੰਦੀਆਂ ਅਤੇ ਪਾਰਟੀਆਂ ਨੂੰ ਨਾਲ ਲੈ ਕੇ ਸੰਘਰਸ਼ ਵਿੱਢਿਆ ਜਾਵੇਗਾ।