ਤਰਨਤਾਰਨ: ਜ਼ਿਲ੍ਹੇ ਦੇ ਅਧੀਨ ਪੈਂਦੇ ਪਿੰਡ ਚੋਹਲਾ ਸਾਹਿਬ ਵਿਖੇ ਸੀ.ਆਈ.ਏ. ਸਟਾਫ਼ ਦੀ ਟੀਮ ਨੇ ਰੇਡ ਦੌਰਾਨ ਘਰ ਵਿੱਚ ਮੌਜੂਦ ਇਕੱਲੀ ਮਹਿਲਾ ਨਾਲ ਕੁੱਟਮਾਰ ਕੀਤੀ ਅਤੇ ਉਸ ਨਾਲ ਬਦਸਲੂਕੀ ਵੀ ਕੀਤੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤਾ ਧਰਮ ਕੌਰ ਨੇ ਦੱਸਿਆ ਕਿ ਸਾਲ 2015 ਵਿੱਚ ਥਾਣਾ ਚੋਹਲਾ ਸਾਹਿਬ ਦੀ ਪੁਲਿਸ ਵੱਲੋਂ ਉਸ ਦੇ ਲੜਕੇ ਸੁਖਚੈਨ ਸਿੰਘ ਉਰਫ਼ ਸੋਨੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਉਸ ਦਾ ਲੜਕਾ ਤਕਰੀਬਨ 2 ਸਾਲ ਸੈਂਟਰਲ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ ਰਿਹਾ।
ਧਰਮ ਕੌਰ ਨੇ ਦੋਸ਼ ਲਗਾਇਆ ਕਿ ਸੀ.ਆਈ.ਏ. ਸਟਾਫ ਤਰਨਤਾਰਨ ਦੀ ਪੁਲਿਸ ਵੱਲੋਂ ਉਸ ਦੇ ਘਰ ਵਿੱਚ ਦਾਖ਼ਲ ਹੋ ਕੇ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਹੈ ਅਤੇ ਬੇਰਹਿਮੀ ਨਾਲ ਕੁੱਟਮਾਰ ਕਰਦਿਆਂ ਉਸ ਨਾਲ ਬਦਸਲੂਕੀ ਵੀ ਕੀਤੀ ਗਈ ਹੈ। ਧਰਮ ਕੌਰ ਨੇ ਦੋਸ਼ ਲਗਾਇਆ ਕਿ ਪੁਲਿਸ ਵੱਲੋਂ ਉਨ੍ਹਾਂ ਨੂੰ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪਰਿਵਾਰ 'ਤੇ ਝੂਠਾ ਮੁਕੱਦਮਾ ਦਰਜ ਕਰਨ ਦੀ ਧਮਕੀ ਵੀ ਦਿੱਤੀ ਗਈ ਹੈ।
ਪੀੜਤ ਪਰਿਵਾਰ ਨੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਾਸੋਂ ਮੰਗ ਕੀਤੀ ਹੈ ਕਿ ਉਕਤ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਜਦੋਂ ਇਸ ਸਬੰਧ ਵਿੱਚ ਤਰਨਤਾਰਨ ਦੇ ਐੱਸ.ਪੀ. (ਹੈੱਡਕੁਆਰਟਰ) ਗੌਰਵ ਤੂਰਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਸੁਖਚੈਨ ਸਿੰਘ ਉਰਫ਼ ਸੋਨੀ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਹੈ। ਇਸ ਮੁੱਕਦਮੇ ਵਿੱਚ ਉਹ ਭਗੌੜਾ ਹੈ, ਜਿਸਦੀ ਗ੍ਰਿਫ਼ਤਾਰੀ ਲਈ ਸੀ.ਆਈ.ਏ. ਸਟਾਫ਼ ਤਰਨਤਾਰਨ ਦੀ ਪੁਲਿਸ ਵੱਲੋਂ ਉਸ ਦੇ ਘਰ ਛਾਪੇਮਾਰੀ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਛਾਪੇਮਾਰੀ ਦੌਰਾਨ ਪੁਲਿਸ ਵੱਲੋਂ ਕਿਸੇ ਨਾਲ ਵੀ ਕੁੱਟਮਾਰ ਨਹੀਂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਜੇਕਰ ਕੁੱਟਮਾਰ ਦਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਦੋਸ਼ੀ ਪਾਏ ਜਾਣ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।