ਤਰਨ ਤਾਰਨ: ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਠੱਠੀਆਂ ਮਹੰਤਾਂ ਤੋਂ ਦਿਲ ਦਹਿਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਕੁਝ ਨੌਜਵਾਨਾਂ ਵੱਲੋਂ ਇਕ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਦੇ ਨਾਲ ਹਮਲਾ ਕਰ ਦਿੱਤਾ ਗਿਆ। ਨੌਜਵਾਨ ਨੂੰ ਇੰਨੇ ਬੁਰੇ ਤਰੀਕੇ ਦੇ ਨਾਲ ਵੱਢਿਆ ਗਿਆ ਕਿ ਨੌਜਵਾਨ ਖੂਨ ਨਾਲ ਲੱਥਪੱਥ ਸੜਕ ’ਤੇ ਤੜਪਦਾ ਰਿਹਾ।
ਸੂਚਨਾ ਮਿਲਣ ਉੱਤੇ ਜ਼ਖਮੀ ਦਾ ਪਰਿਵਾਰ ਮੌਕੇ ਉੱਤੇ ਪੁੱਜਾ ਅਤੇ ਉਸਨੂੰ ਨਿੱਜੀ ਹਸਪਤਾਲ ਵਿਖੇ ਲਿਆਂਦਾ ਗਿਆ ਪਰ ਨੌਜਵਾਨ ਦੀ ਹਾਲਤ ਗੰਭੀਰ ਹੋਣ ਕਾਰਨ ਉਸ ਨੂੰ ਅੰਮ੍ਰਿਤਸਰ ਦੇ ਨਿੱਜੀ ਹਸਪਤਾਲ ਵਿੱਚ ਰੈਫਰ ਕੀਤਾ ਗਿਆ ਹੈ ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜ਼ਖਮੀ ਦਿਲਬਾਗ ਸਿੰਘ ਦੇ ਪਰਿਵਾਰਿਕ ਮੈਂਬਰਾਂ ਦਾ ਕਹਿਣਾ ਹੈ ਕਿ ਹਮਲਾ ਕਰਨ ਵਾਲੇ ਨੌਜਵਾਨਾਂ ਨੂੰ ਪੁਲਿਸ ਨੇ ਨਸ਼ੇ ਵੇਚਣ ਦੇ ਸ਼ੱਕ ਦੇ ਅਧਾਰ ’ਤੇ ਫੜਿਆ ਸੀ। ਉਨ੍ਹਾਂ ਅੱਗੇ ਦੱਸਿਆ ਕਿ ਇਹ ਹਮਲਾ ਕਰਨ ਵਾਲੇ ਨੌਜਵਾਨ ਸਮਝਦੇ ਸਨ ਕਿ ਦਿਲਬਾਗ ਸਿੰਘ ਨੇ ਇੰਨ੍ਹਾਂ ਦੀ ਸ਼ਿਕਾਇਤ ਪੁਲਿਸ ਨੂੰ ਕੀਤੀ ਹੈ ਪਰ ਉਸ ਵੱਲੋਂ ਅਜਿਹਾ ਨਹੀਂ ਕੀਤਾ ਗਿਆ ਸੀ।
ਪੀੜਤ ਪਰਿਵਾਰ ਨੇ ਦੱਸਿਆ ਕਿ ਦਿਲਬਾਗ ਦੁਕਾਨ ਉੱਪਰ ਫੋਟੋ ਸਟੇਟ ਲਈ ਗਿਆ ਸੀ ਤਾਂ ਇਸ ਦੌਰਾਨ ਤੇਜ਼ਧਾਰ ਹਥਿਆਰਾਂ ਲੈਕੇ ਪਹੁੰਚੇ ਕੁਝ ਨੌਜਵਾਨਾਂ ਨੇ ਉਸ ਘੇਰ ਲਿਆ ਤੇ ਉਸ ਦੀ ਵੱਢ ਟੁੱਕ ਸ਼ੁਰੂ ਕਰ ਦਿੱਤੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਪੀੜਤ ਪਰਿਵਾਰ ਵੱਲੋਂ ਪੁਲਿਸ ਤੋਂ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।
ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਦਾ ਕਹਿਣਾ ਹੈ ਕਿ ਮਾਮਲਾ ਰੰਜ਼ਿਸ਼ ਦਾ ਹੋ ਸਕਦਾ ਹੈ ਕਿਉਂਕਿ ਇਸ ਤੋਂ ਪਹਿਲਾਂ ਵੀ ਦੋਵਾਂ ਧਿਰਾਂ ਵਿੱਚ ਝਗੜਾ ਹੋ ਚੁੱਕਿਆ ਹੈ। ਇਸਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਗ੍ਰਿਫਤਾਰੀ ਲਈ ਰੇਡ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਜਾਂਚ ਦੇ ਆਧਾਰ ਉੱਪਰ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ:ਗਾਡਰਾਂ ਨਾਲ ਭਰੀ ਟਰਾਲੀ ’ਚ ਪਿਕਅੱਪ ਗੱਡੀ ਵੱਜਣ ਕਾਰਨ ਵਾਪਰਿਆ ਵੱਡਾ ਹਾਦਸਾ, 1 ਮੌਤ