ਪਿੰਡ ਰਣੀਕੇ ਵਿੱਚ ਪੁਰਾਣੀ ਰੰਜਿਸ਼ ਕਾਰਨ ਬਜ਼ੁਰਗ 'ਤੇ ਹੋਇਆ ਜਾਨਲੇਵਾ ਹਮਲਾ
🎬 Watch Now: Feature Video
ਅੰਮ੍ਰਿਤਸਰ ਦੇ ਪਿੰਡ ਰਣੀਕੇ ਵਿਖੇ ਕੁੱਝ ਲੋਕਾਂ ਵੱਲੋਂ ਪੁਰਾਣੀ ਰੰਜਿਸ਼ ਦੇ ਚਲਦਿਆਂ ਇੱਕ ਬਜ਼ੁਰਗ ਉੱਤੇ ਹਮਲਾ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਹਮਲੇ ਵਿੱਚ ਬਜ਼ੁਰਗ ਵਿਅਕਤੀ ਗੰਭੀਰ ਜ਼ਖਮੀ ਹੋ ਗਿਆ ਹੈ। ਪੀੜਤ ਬਜ਼ੁਰਗ ਵਿਅਕਤੀ ਦੀ ਪਛਾਣ ਜਸਕਰਨ ਸਿੰਘ ਵਜੋਂ ਹੋਈ ਹੈ। ਪੀੜਤ ਦੇ ਭਤੀਜੇ ਰਮਨਦੀਪ ਨੇ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਦੱਸਿਆ ਕਿ ਉਸ ਨੂੰ ਪਿੰਡ ਦੇ ਕਿਸੇ ਵਿਅਕਤੀ ਦਾ ਫੋਨ ਆਇਆ ਕਿ ਪਿੰਡ ਦੇ ਹੀ ਕੁੱਝ ਲੋਕਾਂ ਨੇ ਉਸ ਦੇ ਚਾਚੇ ਉੱਤੇ ਜਾਨਲੇਵਾ ਹਮਲਾ ਕੀਤਾ ਹੈ। ਜਦ ਉਹ ਪਿੰਡ ਦੇ ਅੱਡੇ 'ਤੇ ਪੁੱਜਿਆ ਤਾਂ ਉਸ ਨੇ ਵੇਖਿਆ ਕਿ ਪਿੰਡ ਦੇ ਕੁੱਝ ਲੋਕ ਜਿਨ੍ਹਾਂ ਨਾਲ ਉਨ੍ਹਾਂ ਦੀ ਪੁਰਾਣੀ ਰੰਜਿਸ਼ ਚੱਲ ਰਹੀ ਹੈ, ਉਕਤ ਲੋਕ ਉਸ ਦੇ ਚਾਚੇ ਨਾਲ ਕੁੱਟਮਾਰ ਕਰ ਰਹੇ ਸਨ। ਉਸ ਨੂੰ ਵੇਖਦੇ ਹੀ ਉਹ ਹਵਾਈ ਫਾਇਰ ਕਰਦਿਆਂ ਉਥੋਂ ਫਰਾਰ ਹੋ ਗਏ। ਉਸ ਨੇ ਹੋਰਨਾਂ ਪਿੰਡ ਵਾਸੀਆਂ ਦੀ ਮਦਦ ਨਾਲ ਗੰਭੀਰ ਜ਼ਖਮੀ ਜਸਕਰਨ ਸਿੰਘ ਨੂੰ ਇਲਾਜ ਲਈ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਹੈ। ਪੀੜਤ ਦੇ ਪਰਿਵਾਰ ਨੇ ਇਨਸਾਫ਼ ਦੀ ਮੰਗ ਕਰਦਿਆਂ ਮੁਲਜ਼ਮਾਂ ਉੱਤੇ ਸਖ਼ਤ ਕਾਰਵਾਈ ਕੀਤੇ ਜਾਣ ਦੀ ਅਪੀਲ ਕੀਤੀ ਹੈ। ਇਸ ਮਾਮਲੇ ਬਾਰੇ ਦੱਸਦੇ ਹੋਏ ਥਾਣਾ ਘਰਿੰਡਾ ਦੇ ਐਸਐਚਓ ਅਮਨਦੀਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਪੀੜਤ ਤੇ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਸ਼ਿਕਾਇਤ ਦਰਜ ਕਰ ਲਈ ਹੈ। ਉਨ੍ਹਾਂ ਕਿਹਾ ਪੀੜਤ ਬਜ਼ੁਰਗ ਜੇਰੇ ਇਲਾਜ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਹੈ ਤੇ ਉਸ ਦੀ ਮੈਡੀਕਲ ਰਿਪੋਰਟ ਆਉਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।