ਡਿਪਟੀ ਕਮਿਸ਼ਨਰ ਰੂਪਨਗਰ ਨੇ ਸਤਲੁਜ ਦਰਿਆ ਕੰਢੇ ਵੱਸਦੇ ਪਿੰਡਾਂ ਦਾ ਕੀਤਾ ਦੌਰਾ
🎬 Watch Now: Feature Video
ਰੂਪਨਗਰ : ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਨੇੜੇ ਸਤਲੁਜ ਦਰਿਆ ਕੰਢੇ ਵਸਦੇ ਪਿੰਡਾਂ ਦਾ ਦੌਰਾ ਕੀਤਾ ਗਿਆ। ਕਿਉਂਕਿ ਪਿਛਲੇ ਦਿਨੀਂ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿੱਚ ਪਾਣੀ ਛੱਡੇ ਜਾਣ ਨਾਲ ਇਨ੍ਹਾਂ ਪਿੰਡਾਂ ਦੀਆਂ ਜ਼ਮੀਨਾਂ ਨੂੰ ਵੱਡੇ ਪੱਧਰ 'ਤੇ ਖ਼ਾਰ ਲੱਗ ਗਈ ਸੀ। ਇਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਜ਼ਮੀਨਾਂ ਸਤਲੁਜ ਦਰਿਆ ਦੀ ਭੇਟ ਚੜ੍ਹ ਗਈਆਂ ਸਨ, ਜਿਸ ਦੇ ਚੱਲਦੇ ਉਕਤ ਪਿੰਡਾਂ ਦੇ ਵਸਨੀਕਾਂ ਵੱਲੋਂ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਗਈ ਸੀ ਕਿ ਸਮਾਂ ਰਹਿੰਦਿਆਂ ਉਨ੍ਹਾਂ ਦੀ ਸਾਰ ਲਈ ਜਾਵੇ ਤਾਂ ਜੋ ਦਿਨੋ ਦਿਨ ਸਤਲੁਜ ਦਰਿਆ ਦੀ ਭੇਟ ਚੜ੍ਹ ਰਹੀ ਉਨ੍ਹਾਂ ਦੀ ਜ਼ਮੀਨ ਬਚਾਈ ਜਾ ਸਕੇ। ਕਿਸਾਨਾਂ ਨੇ ਕਿਹਾ ਕਿ ਆਉਣ ਵਾਲੇ ਮਹੀਨੀਆਂ 'ਚ ਮੀਂਹ ਦਾ ਮੌਸਮ ਸ਼ੁਰੂ ਹੋ ਜਾਵੇਗਾ ਜਿਸ ਕਾਰਨ ਉਨ੍ਹਾਂ ਹਰ ਸਾਲ ਵਾਂਗ ਇਸ ਵਾਰ ਵੀ ਹੜ੍ਹ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਪਿੰਡਾਂ ਦੇ ਦੌਰੇ ਤੋਂ ਬਾਅਦ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੌਕਡਾਊਨ ਦੇ ਚਲਦੇ ਸਾਰੇ ਵਿਕਾਸ ਕਾਰਜ ਬੰਦ ਪਏ ਸਨ। ਉਨ੍ਹਾਂ ਕਿਹਾ ਕਿ ਜਲਦ ਹੀ ਸਤਲੁਜ ਦਰਿਆ ਕੰਢੇ ਤੇ ਠੋਕਰਾਂ ਜਾਂ ਕਰੇਟ ਵਾਲ ਲਗਾਉਣ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ। ਇਸ ਨਾਲ ਮੀਂਹ ਦੇ ਮੌਸਮ 'ਚ ਦਰਿਆ ਵਿੱਚ ਵਾਧੂ ਪਾਣੀ ਆਉਣ ਤੋਂ ਨੇੜਲੇ ਪਿੰਡਾਂ ਨੂੰ ਬਚਾਇਆ ਜਾ ਸਕੇਗਾ। ਉਨ੍ਹਾਂ ਪਿੰਡ ਵਾਸੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਮਦਦ ਦਿੱਤੇ ਜਾਣ ਦਾ ਭਰੋਸਾ ਦਿੱਤਾ।