ਆਰਥਿਕ ਤੰਗੀ ਦੇ ਸਤਾਏ ਕਿਸਾਨ ਬੇਮੌਸਮੇ ਮੀਂਹ ਤੋਂ ਪਰੇਸ਼ਾਨ
ਹੁਸ਼ਿਆਰਪੁਰ: ਪੂਰਾ ਦੇਸ਼ ਕੋਰੋਨਾ ਵਾਇਰਸ ਦੀ ਮਾਰ ਝੱਲ ਰਿਹਾ ਹੈ। ਜੇਕਰ ਕਿਸਾਨਾਂ ਦੀ ਗੱਲ ਕੀਤੀ ਜਾਵੇ ਤਾਂ ਪਹਿਲਾਂ ਹੀ ਆਰਥਿਕ ਤੰਗੀ ਦੇ ਸ਼ਿਕਾਰ ਕਿਸਾਨਾਂ ਨੂੰ ਹੁਣ ਬੇਮੌਸਮੇ ਮੀਂਹ ਦੀ ਵੀ ਮਾਰ ਝੱਲਣੀ ਪੈ ਰਹੀ ਹੈ। ਮੀਂਹ ਕਾਰਨ ਮੰਡੀਆਂ ਵਿੱਚ ਕਣਕ ਦੀ ਫਸਲ ਵੇਚਣ ਲਈ ਆਏ ਕਿਸਾਨਾਂ ਨੂੰ ਕਾਫੀ ਦਿੱਕਤਾਂ ਪੇਸ਼ ਆ ਰਹੀਆਂ ਹਨ। ਇਸ ਤਹਿਤ ਹੀ ਜਦੋਂ ਈਟੀਵੀ ਭਾਰਤ ਦੀ ਟੀਮ ਨੇ ਹੁਸ਼ਿਆਰਪੁਰ ਦੇ ਕਿਸਾਨਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਦੱਸਿਆ ਕਿ ਕਈ ਮਹੀਨਿਆਂ ਤੋਂ ਪੁੱਤਾਂ ਵਾਂਗ ਪਾਲੀ ਫ਼ਸਲ ਨੂੰ ਜਦੋਂ ਮੰਡੀਆਂ 'ਚ ਵੇਚਣ ਲਈ ਆਉਂਦੇ ਹਨ ਤਾਂ ਬੇਮੌਸਮੇ ਮੀਂਹ ਕਾਰਨ ਫ਼ਸਲ ਗਿੱਲੀ ਹੋ ਜਾਂਦੀ ਹੈ। ਇਸ ਕਾਰਨ ਉਨ੍ਹਾਂ ਨੂੰ ਆਰਥਿਕ ਪੱਖੋਂ ਘਾਟੇ ਦਾ ਸਾਹਮਣਾ ਕਰਨਾ ਪੈਂਦਾ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਸਰਕਾਰ ਵੱਲੋਂ ਕਣਕ ਦੀ ਖਰੀਦ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਤੇ ਦਾਅਵੇ ਕੀਤੇ ਗਏ ਸਨ ਪ੍ਰੰਤੂ ਜੇਕਰ ਮੰਡੀਆਂ 'ਚ ਜਾ ਕੇ ਅਸਲ ਤਸਵੀਰ ਦੇਖੀ ਜਾਵੇ ਤਾਂ ਉਹ ਸਰਕਾਰ ਦੇ ਦਾਅਵਿਆਂ ਦੇ ਬਿਲਕੁਲ ਉਲਟ ਹੈ ਜਿਸ ਕਾਰਨ ਕਿਸਾਨਾਂ ਨੂੰ ਨਿਰਾਸ਼ਾ ਦਾ ਸਾਹਮਣਾ ਕਰਨਾ ਪੈਂਦਾ ਹੈ। ਹੁਣ ਵੇਖਣ ਵਾਲੀ ਗੱਲ ਤਾਂ ਇਹ ਹੈ ਕੀ ਸਰਕਾਰ ਕਿਸਾਨਾਂ ਦੀ ਮਦਦ ਲਈ ਅੱਗੇ ਆਵੇਗੀ?