26 ਜਨਵਰੀ ਨੂੰ ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਬਰਨਾਲਾ ਤੋਂ ਦਿੱਲੀ ਰਵਾਨਾ ਹੋਇਆ ਕਿਸਾਨੀ ਜੱਥਾ
ਬਰਨਾਲਾ :ਕਿਸਾਨ ਅੰਦੋਲਨ ਕਰ ਰਹੇ ਕਿਸਾਨ ਆਗੂਆਂ ਵੱਲੋਂ 26 ਜਨਵਰੀ ਨੂੰ ਦਿੱਲੀ ਵਿਖੇ ਟਰੈਕਟਰ ਪਰੇਡ ਦਾ ਐਲਾਨ ਕੀਤਾ ਗਿਆ ਹੈ। ਟਰੈਕਟਰ ਪਰੇਡ 'ਚ ਹਿੱਸਾ ਲੈਣ ਲਈ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਕਿਸਾਨ ਤੇ ਨੌਜਵਾਨ ਦਿੱਲੀ ਜਾ ਰਹੇ ਹਨ। ਇਸੇ ਕੜੀ 'ਚ ਬਰਨਾਲਾ ਤੋਂ ਬੀਕੇਯੂ ਉਗਰਾਹਾਂ ਦੀ ਅਗਵਾਈ 'ਚ ਵੱਡਾ ਕਿਸਾਨੀ ਜੱਥਾ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਕਿਸਾਨ ਆਗੂਆਂ ਨੇ ਕਿਹਾ ਕਿ ਉਹ ਦਿੱਲੀ ਦੀ ਟਰੈਕਟਰ ਪਰੇਡ 'ਚ ਹਿੱਸਾ ਲੈਣਗੇ। ਉਨ੍ਹਾਂ ਖ਼ਦਸ਼ਾ ਪ੍ਰਗਟਾਉਂਦੇ ਹੋਏ ਕਿਹਾ ਕਿ ਜੇਕਰ ਟਰੈਕਟਰ ਪਰੇਡ 'ਚ ਕਿਸੇ ਵੀ ਤਰ੍ਹਾਂ ਦੀ ਹਿੰਸਾ ਹੁੰਦੀ ਹੈ ਤਾਂ ਕੇਂਦਰ ਸਰਕਾਰ ਇਸ ਦੀ ਜ਼ਿੰਮੇਵਾਰ ਹੋਵੇਗੀ। ਕਿਉਂਕਿ ਜਦੋਂ ਤੋਂ ਕਿਸਾਨ ਅੰਦੋਲਨ ਸ਼ੁਰੂ ਹੋਇਆ ਹੈ, ਕੇਂਦਰ ਸਰਕਾਰ ਇਸ ਅੰਦੋਲਨ ਨੂੰ ਰੋਕਣ ਲਈ ਕਈ ਕੋਸ਼ਿਸ਼ਾਂ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਉਹ ਦਿੱਲੀ ਵਿਖੇ ਕਿਸਾਨ ਅੰਦੋਲਨ 'ਚ ਉਦੋਂ ਤੱਕ ਡੱਟੇ ਰਹਿਣਗੇ ਜਦੋਂ ਤੱਕ ਕਿ ਕੇਂਦਰ ਸਰਕਾਰ ਖੇਤੀ ਕਾਨੂੰਨ ਰੱਦ ਨਹੀਂ ਕਰ ਦਿੰਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਕਾਨੂੰਨ ਕਿਸਾਨ ਵਿਰੋਧੀ ਹਨ, ਇਸ ਲਈ ਕਿਸਾਨਾਂ ਵੱਲੋਂ ਇਸ ਦੇ ਖਿਲਾਫ ਸੰਘਰਸ਼ ਜਾਰੀ ਰਹੇਗਾ।