ਕੋਰੋਨਾ ਯੋਧਿਆਂ ਨੇ ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਕੀਤਾ ਰੋਸ ਪ੍ਰਦਰਸ਼ਨ
ਗੁਰਦਾਸਪਰ: ਨੈਸ਼ਨਲ ਹੈਲਥ ਰੂਰਲ ਮਿਸ਼ਨ ਕਰਮਚਾਰੀ ਯੂਨੀਅਨ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪਰ ਦਫ਼ਤਰ ਦਾ ਘਿਰਾਓ ਕੀਤਾ ਗਿਆ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਅਤੇ ਕਰੋਨਾ ਕਾਲ ਦੌਰਾਨ ਮਿਲੇ ਸਨਮਾਨ ਪੱਤਰ ਵਾਪਸ ਕੀਤੇ ਗਏ। ਮੁਲਾਜ਼ਮਾਂ ਨੇ ਕਿਹਾ ਕਿ ਸਾਨੂੰ ਰੋਜ਼ਗਾਰ ਚਾਹੀਦਾ, ਫੋਕੇ ਸਨਮਾਨ ਨਹੀਂ, ਉਹਨਾਂ ਦੀ ਮੰਗ ਹੈ ਕੀ ਉਹਨਾਂ ਨੂੰ ਪੱਕਿਆਂ ਕੀਤਾ ਜਾਵੇ। ਰੈਗੂਲਰ ਹੋਣ ਦੀ ਮੰਗ ਨੂੰ ਲੈ ਕੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਨੈਸ਼ਨਲ ਹੈਲਥ ਰੂਰਲ ਮਿਸ਼ਨ ਦੇ ਕਰਮਚਾਰੀਆਂ ਨੇ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਸਿਹਤ ਵਿਭਾਗ ਵਿੱਚ ਕੰਮ ਕਰ ਰਹੇ ਹਨ, ਪਰ ਕਿਸੇ ਵੀ ਸਰਕਾਰ ਨੇ ਉਨ੍ਹਾਂ ਨੂੰ ਪੱਕਿਆਂ ਨਹੀਂ ਕੀਤਾ ਅਤੇ ਕੋਰੋਨਾ ਕਾਲ ਵਿੱਚ ਵੀ ਉਨ੍ਹਾਂ ਨੇ ਆਪਣੀਆਂ ਜਾਨਾਂ ਖਤਰੇ ਵਿੱਚ ਪਾ ਕੇ ਕੰਮ ਕੀਤਾ ਹੈ। ਸਰਕਾਰ ਨੇ ਉਨ੍ਹਾਂ ਨੂੰ ਕੋਰੋਨਾ ਯੋਧੇ ਐਲਾਨ ਕੇ ਸਨਮਾਨ ਪੱਤਰ ਦੇ ਦਿੱਤੇ, ਪਰ ਅਜੇ ਤੱਕ ਉਨ੍ਹਾਂ ਨੂੰ ਰੈਗੂਲਰ ਨਹੀਂ ਕੀਤਾ ਗਿਆ। ਇਸ ਲਈ ਉਨ੍ਹਾਂ ਨੇ ਡੀ.ਸੀ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰਕੇ ਡੀ.ਸੀ ਗੁਰਦਾਸਪੁਰ ਨੂੰ ਆਪਣੇ ਪ੍ਰਸੰਸਾ ਪੱਤਰ ਮੋੜੇ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਅਜੇ ਵੀ ਉਨ੍ਹਾਂ ਦੀ ਮੰਗ ਵੱਲ ਧਿਆਨ ਨਾ ਦਿੱਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।