ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੇ ਮੈਨੇਜਮੈਂਟ ਵਿਰੁੱਧ ਕੀਤਾ ਪ੍ਰਦਰਸ਼ਨ - DAV b.ed college
🎬 Watch Now: Feature Video
ਹੁਸ਼ਿਆਰਪੁਰ: ਜ਼ਿਲ੍ਹੇ ਦੇ ਡੀਏਵੀ ਬੀ.ਐੱਡ ਕਾਲਜ ਵਿਖੇ 'ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ' ਅਧੀਨ ਸਿੱਖਿਆ ਹਾਸਲ ਕਰ ਰਹੇ ਵਿਦਿਆਰਥੀਆਂ ਨੇ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਇਸ ਸਬੰਧੀ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਉਸ ਵੇਲੇ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਜਦੋਂ ਉਨ੍ਹਾਂ ਨੂੰ ਪ੍ਰੀਖਿਆਵਾਂ 'ਚ ਬੈਠਣ ਲਈ ਰੋਲ ਨੰਬਰ ਦੇਣ ਤੋਂ ਮਨ੍ਹਾ ਕਰ ਦਿੱਤਾ ਗਿਆ। ਇਸ ਦੇ ਚਲਦਿਆਂ ਗੁੱਸੇ 'ਚ ਆਏ ਵਿਦਿਆਰਥੀਆਂ ਨੇ ਕਾਲਜ ਦੇ ਬਾਹਰ ਵੱਖ-ਵੱਖ ਨੁਮਾਇੰਦਿਆਂ ਨਾਲ ਮਿਲ ਕੇ ਮੈਨੇਜਮੈਂਟ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਦੱਸਿਆ ਕਿ ਕਾਲਜ ਮੈਨੇਜਮੈਂਟ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਸਿੱਖਿਆ ਹਾਸਲ ਕਰ ਰਹੇ ਹਰੇਕ ਵਿਦਿਆਰਥੀ ਤੋਂ 45 ਹਜ਼ਾਰ ਰੁਪਏ ਦੀ ਮੰਗ ਕੀਤੀ ਹੈ ਤੇ ਜਦੋਂ ਵਿਦਿਆਰਥੀਆਂ ਵੱਲੋਂ ਉਕਤ ਰਾਸ਼ੀ ਦੇਣ ਤੋਂ ਮਨ੍ਹਾ ਕਰ ਦਿੱਤਾ ਗਿਆ ਤਾਂ ਮੈਨੇਜਮੈਂਟ ਵੱਲੋਂ ਉਨ੍ਹਾਂ ਦੇ ਰੋਲ ਨੰਬਰ ਰੋਕ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਹ ਕਰੀਬ 37 ਵਿਦਿਆਰਥੀ ਹਨ ਤੇ ਆਉਣ ਵਾਲੀ 17 ਸਿਤੰਬਰ ਤੋਂ ਪੇਪਰ ਸ਼ੁਰੂ ਹੋਣ ਜਾ ਰਹੇ ਹਨ ਤੇ ਜੇਕਰ ਇਸ ਦੌਰਾਨ ਉਨ੍ਹਾਂ ਨੂੰ ਰੋਲ ਨੰਬਰ ਨਾ ਮਿਲੇ ਤਾਂ ਉਨ੍ਹਾਂ ਦੀ ਪੜ੍ਹਾਈ ਦਾ ਨੁਕਸਾਨ ਹੋਵੇਗਾ। ਉਨ੍ਹਾਂ ਨੇ ਮੰਗ ਕੀਤੀ ਕਿ ਉਨ੍ਹਾਂ ਦੀ ਇਸ ਮੁਸ਼ਕਲ ਦਾ ਹੱਲ ਕੀਤਾ ਜਾਵੇ।